ਕਿਸਾਨ ਜਥੇਬੰਦੀਆਂ ਮੁੜ ਇਕਜੁੱਟ, ਰਾਜੇਵਾਲ ਧੜੇ ਦੀਆਂ ਪੰਜੇ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ

0
100487
ਕਿਸਾਨ ਜਥੇਬੰਦੀਆਂ ਮੁੜ ਇਕਜੁੱਟ, ਰਾਜੇਵਾਲ ਧੜੇ ਦੀਆਂ ਪੰਜੇ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਮੁੜ ਇਕਜੁੱਟ ਹੋਣ ਲੱਗੀਆਂ ਹਨ। ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਲਈ ਕਿਸਾਨ ਜਥੇਬੰਦੀਆਂ ਪੁਰਾਣੇ ਤਕਰਾਰ ਭੁਲਾ ਕੇ ਇੱਕ ਮੰਚ ਉੱਪਰ ਆਉਣ ਲਈ ਤਿਆਰ ਹਨ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚਾਲੇ ਏਕਤਾ ਦਾ ਅਮਲ ਸਿਰੇ ਚੜ੍ਹ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਬਲਬੀਰ ਸਿੰਘ ਰਾਜੇਵਾਲ ਗਰੁੱਪ ਨਾਲ ਸਬੰਧਤ ਪੰਜ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਵਿੱਚ ਇਹ ਪੰਜ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਮੁੜ ਸ਼ਾਮਲ ਹੋ ਗਈਆਂ ਹਨ। ਮੀਟਿੰਗ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜਗਿੱਲ, ਡਾ. ਸਤਨਾਮ ਸਿੰਘ ਅਜਨਾਲਾ ਤੇ ਹਰਜਿੰਦਰ ਸਿੰਘ ਟਾਂਡਾ ਨੇ ਕੀਤੀ। ਇਸ ਦੌਰਾਨ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਕਿਸਾਨ ਸੰਘਰਸ਼ ਕਮੇਟੀ (ਕੰਵਲਪ੍ਰੀਤ ਸਿੰਘ ਪੰਨੂ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਹਰਜਿੰਦਰ ਟਾਂਡਾ), ਆਲ ਇੰਡੀਆ ਕਿਸਾਨ ਫੈਡਰੇਸ਼ਨ (ਪ੍ਰੇਮ ਸਿੰਘ ਭੰਗੂ) ਦੇ ਆਗੂਆਂ ਨੇ ਅੱਗੇ ਤੋਂ ਚੋਣਾਂ ਨਾ ਲੜਨ ਤੇ ਸਹਿਮਤੀ ਜਤਾਈ ਹੈ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਮਗਰੋਂ ਸੰਯੁਕਤ ਕਿਸਾਨ ਮੋਰਚਾ ਵਿੱਚ ਆਈ ਤਰੇੜ ਪਿੱਛੋਂ ਮੋਰਚੇ ਨੇ ਜਥੇਬੰਦੀਆਂ ਨੂੰ ਸੰਚਾਲਿਤ ਕਰਨ ਲਈ ਨੌ-ਨੁਕਾਤੀ ਦਿਸ਼ਾ ਨਿਰਦੇਸ਼ ਬਣਾਏ ਸਨ ਤੇ ਸੋਮਵਾਰ ਦੀ ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਅੱਗੇ ਤੋਂ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪੰਜ ਕਿਸਾਨ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਪਾਣੀ ਦੇ ਮੁੱਦੇ ਤੇ ਲੱਗਣ ਵਾਲੇ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਦੀ ਅਪੀਲ ਤੇ ਮੁਲਤਵੀ ਕਰ ਦਿੱਤਾ ਗਿਆ।

ਕਿਸਾਨਾਂ ਦੀਆਂ ਮੰਗਾਂ ਸਮੇਤ ਪਾਣੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ 28 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੁੜ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ 16 ਜਨਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਹੋ ਰਹੀ ਕੌਮੀ ਕਨਵੈਨਸ਼ਨ ਨੂੰ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਲਈ ਤਿਆਰੀਆਂ ਵਿੱਢਣ ਦੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਸਾਹਨੀ, ਪਰਮਿੰਦਰ ਸਿੰਘ ਪਾਲ ਮਾਜਰਾ, ਅਵਤਾਰ ਸਿੰਘ ਮੇਹਲੋ, ਰਾਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਬਹਿਰੂ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here