ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਪ੍ਰਕਿਰਿਆ ਜ਼ੋਰਾਂ ‘ਤੇ

0
60028
ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਪ੍ਰਕਿਰਿਆ ਜ਼ੋਰਾਂ 'ਤੇ

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਦੀ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸੇਵਾ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਪੂਰੇ ਜ਼ੋਰਾਂ ‘ਤੇ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਸਬੰਧੀ ਦਸਤਾਵੇਜ਼ਾਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ ਅਤੇ ਅਗਲੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਜਲਦੀ ਹੀ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸੇਵਾ ਨਿਯਮ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਮਾਮਲੇ ਨਾਲ ਸਬੰਧਤ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ ਅਧਿਆਪਕਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਈ ਹੈ। ਇਸ ਸਬੰਧੀ ਕੱਲ੍ਹ ਠੇਕੇ ’ਤੇ ਰੱਖੇ ਅਧਿਆਪਕਾਂ ਤੋਂ ਅਰਜ਼ੀਆਂ ਲੈਣ ਲਈ ਪੋਰਟਲ ਬਣਾਇਆ ਗਿਆ ਹੈ।

ਇਸੇ ਤਰ੍ਹਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਵੀ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਸਿੱਖਿਆ ਵਿਭਾਗ ਦਾ ਕੋਈ ਮੁਲਾਜ਼ਮ ਪੱਕਾ ਨਹੀਂ ਹੁੰਦਾ ਹੈ ਤਾਂ ਸਾਡੀ ਸਰਕਾਰ ਉਸ ਦੀਆਂ ਠੇਕੇ ‘ਤੇ ਨੌਕਰੀਆਂ ਨੂੰ ਰੈਗੂਲਰ ਕਰਨ ਲਈ ਵਚਨਬੱਧ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਮੂਹ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਜਲਦੀ ਹੀ ਇਨ੍ਹਾਂ ਹੱਕੀ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ।

ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾਈ ਕੈਬਨਿਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਪੱਖੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here