ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਨੂੰ ਸਾਫ਼ ਸੁਥਰਾ ਬਣਾਉਣ ਲਈ ਭੰਗੀ ਚੋਅ ਅਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਹੈ। ਭੰਗੀ ਚੋਅ ਉਹ ਇਲਾਕਾ ਹੈ ਜਿੱਥੋਂ ਦੇ ਲੋਕ ਹਿਮਾਚਲ ਪ੍ਰਦੇਸ਼ ਅਤੇ ਹੋਰ ਜ਼ਿਲ੍ਹਿਆਂ ਵਿੱਚ ਜਾਣ ਲਈ ਆਉਂਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਸਫ਼ਾਇਆ ਨਜ਼ਰ ਆਉਂਦਾ ਹੈ।
ਹੁਸ਼ਿਆਰਪੁਰ ਨਗਰ ਨਿਗਮ ਵੱਲੋਂ ਭੰਗੀ ਚੋਅ ਦੀ ਸਫ਼ਾਈ ਦੀ ਮੁਹਿੰਮ ਜੰਗੀ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸਫ਼ਲਤਾ ਲਈ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਖੁਦ ਚੌਂਕ ਦੀ ਸਫ਼ਾਈ ਅਤੇ ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ 24 ਫਰਵਰੀ ਤੱਕ ਜਾਰੀ ਰਹੇਗੀ।
ਹੁਸ਼ਿਆਰਪੁਰ ਦੇ ਧੋਬੀ ਘਾਟ ਚੌਂਕ ਵਿਖੇ ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ 24 ਫਰਵਰੀ ਤੋਂ ਬਾਅਦ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਨਾਲ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਸ਼ਿਆਰਪੁਰ ਨੂੰ ਦੇਸ਼ ਦੇ ਸਭ ਤੋਂ ਸਾਫ਼ ਸੁਥਰੇ ਸ਼ਹਿਰਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਜਿੰਪਾ ਨੇ ਤਸੱਲੀ ਪ੍ਰਗਟਾਈ ਕਿ ਮੁਹਿੰਮ ਦੇ ਪਹਿਲੇ ਦਿਨ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸ਼ਹਿਰ ਦੀਆਂ ਐਨ.ਜੀ.ਓਜ਼, ਨਗਰ ਨਿਗਮ, ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਬੀ.ਐਸ.ਐਫ ਵਲੰਟੀਅਰ, ਐਨ.ਐਸ.ਐਸ ਵਾਲੰਟੀਅਰ, ਸਿਵਲ ਸੁਸਾਇਟੀਆਂ ਅਤੇ ਆਮ ਲੋਕ ਭਰਪੂਰ ਸਹਿਯੋਗ ਦੇ ਰਹੇ ਹਨ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਹਾਜ਼ਰ ਸਨ।