ਜੇਕਰ ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ ਤਾਂ ਸਿੱਖ ਕੈਦੀਆਂ ਨੂੰ ਕਿਉਂ ਨਹੀਂ

0
20
ਜੇਕਰ ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ ਤਾਂ ਸਿੱਖ ਕੈਦੀਆਂ ਨੂੰ ਕਿਉਂ ਨਹੀਂ

 

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸਵਾਲ ਉਠਾਇਆ ਹੈ ਕਿ ਸਿੱਖ ਸਿਆਸੀ ਕੈਦੀਆਂ ‘ਤੇ ਇਹੀ ਅਮਲ ਕਿਉਂ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਣਾਈ ਜਾ ਰਹੀ ਵਿਤਕਰੇ ਵਾਲੀ ਨੀਤੀ ਇਸ ਫੈਸਲੇ ਨਾਲ ਇੱਕ ਵਾਰ ਫਿਰ ਸਭ ਦੇ ਸਾਹਮਣੇ ਆ ਗਈ ਹੈ।

ਆਈ.ਆਰ.ਐਸ. ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਦਹਾਕਿਆਂ ਤੋਂ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਕੌਮ ਅਵਾਜ਼ ਉਠਾਉਂਦੀ ਆ ਰਹੀ ਹੈ ਪਰ ਸਰਕਾਰਾਂ ਕੰਨਾਂ ਤੋਂ ਕੰਨੀਂ ਕਤਰਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਬਹੁਤ ਸਾਰੇ ਮਾਮਲੇ ਹਨ, ਜਿਨ੍ਹਾਂ ਵਿੱਚ ਕਤਲ, ਬਲਾਤਕਾਰ ਆਦਿ ਵਰਗੇ ਸੰਗੀਨ ਦੋਸ਼ਾਂ ਵਾਲੇ ਕੈਦੀਆਂ ‘ਤੇ ਸਰਕਾਰਾਂ ਮਿਹਰਬਾਨ ਹੋ ਰਹੀਆਂ ਹਨ, ਦੂਜੇ ਪਾਸੇ ਸਿੱਖ ਕੈਦੀਆਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿਮਤੀ ਨਾਲ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸੰਭਵ ਹੋ ਸਕਦੀ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ।

ਇਸੇ ਤਰ੍ਹਾਂ ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਦਾ ਮਾਮਲਾ ਕਰਨਾਟਕ ਸਰਕਾਰ ਕੋਲ ਵਿਚਾਰ ਅਧੀਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਸਰਕਾਰਾਂ ਟਾਲ-ਮਟੋਲ ਅਤੇ ਟਾਕਰੇ ਦੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜੇਕਰ ਤਾਮਿਲਨਾਡੂ ਰਾਜ ਸਰਕਾਰ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਸ਼ਾਮਲ ਦੋਸ਼ੀਆਂ ਦੀ ਰਿਹਾਈ ਦੀ ਸਿਫ਼ਾਰਸ਼ ਕਰ ਸਕਦੀ ਹੈ ਤਾਂ ਕੇਂਦਰ ਅਤੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਕਿਉਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਉਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਨਾਲ ਵੀ ਜੁੜੀ ਹੋਈ ਹੈ, ਜਦੋਂ ਕਿ ਰਾਜੀਵ ਗਾਂਧੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ ਹੈ। ਇਹ ਵਿਤਕਰਾ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਪ੍ਰਤੀ ਸਰਕਾਰਾਂ ਨੂੰ ਗੰਭੀਰ ਹੋਣਾ ਚਾਹੀਦਾ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਖਰੀ ਪ੍ਰੈਸ ਬਿਆਨ ਜਾਰੀ ਕਰਦਿਆਂ ਕਾਂਗਰਸ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਲਈ ਸੂਬਾਈ ਚੋਣ ਕਮੇਟੀ ਵਿੱਚ ਸ਼ਾਮਲ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ 38 ਸਾਲਾਂ ਬਾਅਦ ਵੀ ਸਿੱਖ ਕਤਲੇਆਮ ਦੇ ਜ਼ਖਮ ਉਥੇ ਹੀ ਹਨ ਅਤੇ ਪੀੜਤ ਸਿੱਖ ਪਰਿਵਾਰ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਕਾਂਗਰਸ ਜਮਾਤ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਹੁਦੇ ਦੇ ਕੇ ਨਿਵਾਜ ਰਹੀ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਾਂਗਰਸ ਨੂੰ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇੱਕ ਸਮਾਗਮ ਦੌਰਾਨ ਸਿੱਖ ਕਤਲੇਆਮ ਦੇ ਇੱਕ ਹੋਰ ਦੋਸ਼ੀ ਕਾਂਗਰਸੀ ਆਗੂ ਕਮਲ ਨਾਥ ਨੂੰ ਸਨਮਾਨਿਤ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੇ ਪ੍ਰਬੰਧਕਾਂ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਸਨਮਾਨਿਤ ਕਰਕੇ ਸਹੀ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੰਦੌਰ ਵਿਖੇ ਹੋਏ ਸਮਾਗਮ ਦੌਰਾਨ ਕੀਰਤਨ ਦੀ ਸੇਵਾ ਕਰਨ ਲਈ ਪਹੁੰਚੇ ਪ੍ਰਸਿੱਧ ਕੀਰਤਨੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵੱਲੋਂ ਵਿਰੋਧ ਕਰਨ ਦੇ ਕਦਮ ਦੀ ਵੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਕੀਤੀ ਕਿ ਉਹ ਇੰਦੌਰ ਵਿਖੇ ਹੋਏ ਸਮਾਗਮ ਦੇ ਪ੍ਰਬੰਧਕਾਂ ਤੋਂ ਜਵਾਬਦੇਹੀ ਮੰਗਣ।

LEAVE A REPLY

Please enter your comment!
Please enter your name here