ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਪ੍ਰੋ: ਪਿਆਰਾ ਸਿੰਘ ਭੋਗਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਪ੍ਰੋ: ਭੋਗਲ (92) ਨੇ ਦਹਾਕਿਆਂ ਤੱਕ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਅਤੇ ਹਜ਼ਾਰਾਂ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪ੍ਰਮੁੱਖ ਅਹੁਦਿਆਂ ‘ਤੇ ਪਹੁੰਚਣ ਦੇ ਯੋਗ ਬਣਾਇਆ।
ਪੰਜਾਬੀ ਸਾਹਿਤਕਾਰ ਪ੍ਰੋ: ਭੋਗਲ ਨੇ ਨਾਟਕਾਂ, ਕਹਾਣੀਆਂ ਅਤੇ ਨਾਵਲਾਂ ਸਮੇਤ ਤਿੰਨ ਦਰਜਨ ਤੋਂ ਵੱਧ ਪੁਸਤਕਾਂ ਲਿਖੀਆਂ ਅਤੇ ਉਹ ਜਲੰਧਰ ਲੇਖਕ ਸਭਾ ਅਤੇ ਕੇਂਦਰੀ ਲੇਖਕ ਸਭਾ ਦੇ ਸਰਗਰਮ ਮੈਂਬਰ ਵੀ ਰਹੇ। ਉਨ੍ਹਾਂ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਨਾਲ ਨਿਵਾਜਿਆ ਗਿਆ।
ਸ: ਸੰਧਵਾਂ ਨੇ ਕਿਹਾ ਕਿ ਪ੍ਰੋ: ਭੋਗਲ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ | ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।