ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਖਾਸ ਕਰਕੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਪਹਿਲ ਦੇ ਆਧਾਰ ‘ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਲਈ, ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
ਅੱਜ ਇੱਥੇ ਸਬੰਧਤ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸ਼ੁਰੂਆਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਭਰ ਦੇ ਮਾਲ ਦਫ਼ਤਰਾਂ ਵਿੱਚ ਮਹਿਲਾ ਸਟਾਫ਼ ਮੈਂਬਰਾਂ ਲਈ ਪਖਾਨੇ ਮੁਹੱਈਆ ਕਰਵਾਉਣ ‘ਤੇ ਵੀ ਜ਼ੋਰ ਦਿੱਤਾ।
ਪਾਣੀ ਨੂੰ ਵਡਮੁੱਲਾ ਸਰੋਤ ਦੱਸਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਵਾਟਰ ਐਕਟ ਤਹਿਤ ਜੁਰਮਾਨੇ ਕਰਕੇ ਸਖ਼ਤੀ ਨਾਲ ਨੱਥ ਪਾਈ ਜਾਵੇ ਤਾਂ ਜੋ ਸਾਰੇ ਘਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਸਾਰੇ ਪਰਿਵਾਰਾਂ (ਕੁੱਲ 35 ਲੱਖ ਵਿੱਚੋਂ 12 ਲੱਖ) ਜਿਨ੍ਹਾਂ ਕੋਲ ਪਾਣੀ ਦੇ ਆਪਣੇ ਨਿੱਜੀ ਸਰੋਤ ਹਨ, ਨੂੰ ਸਰਕਾਰੀ ਜਲ ਸਪਲਾਈ ਸਰੋਤਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ।