ਚੰਡੀਗੜ੍ਹ: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ 4 ਮਾਰਚ ਨੂੰ ਭਾਰਤ ਦੇ ਰਾਸ਼ਟਰਪਤੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਵੱਲੋਂ ਰਾਸ਼ਟਰੀ ਪੁਰਸਕਾਰ – ਸਵੱਛ ਸੁਜਲ ਸ਼ਕਤੀ ਸਨਮਾਨ 2023 ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਐਵਾਰਡ ਪਿੰਡ ਦੀ ਸਰਪੰਚ ਹਰਜਿੰਦਰ ਕੌਰ ਨੂੰ ਵਧੀਆ ਸਫ਼ਾਈ ਸਹੂਲਤਾਂ ਦੇਣ ਲਈ ਦਿੱਤਾ ਜਾਵੇਗਾ। ਅੰਤਰਰਾਸ਼ਟਰੀ ਮਹਿਲਾ ਦਿਵਸ (8 ਮਾਰਚ) ਦੇ ਸੰਦਰਭ ਵਿੱਚ ਇਹ ਪੁਰਸਕਾਰ ਉਨ੍ਹਾਂ ਔਰਤਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਖੇਤਰ ਵਿੱਚ ਚੰਗਾ ਕੰਮ ਕੀਤਾ ਹੈ।
ਰਾਜ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਪਿੰਡ ਨੇ ਗੰਦੇ ਪਾਣੀ ਅਤੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਕੇ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਕੀਤੀ ਹੈ।
ਪਿੰਡ ਪੇਰੋਸ਼ਾਹ ਬਟਾਲਾ ਦੇ ਨਜ਼ਦੀਕ ਸ੍ਰੀ ਹਰਗੋਬਿੰਦਪੁਰ ਬਲਾਕ ਵਿੱਚ ਪੈਂਦਾ ਹੈ, ਜਿੱਥੇ ਪਿੰਡ ਵਾਸੀਆਂ ਵੱਲੋਂ ਥਾਪਰ ਤਕਨੀਕ ਦੀ ਵਰਤੋਂ ਕਰਕੇ ਗੰਦੇ ਪਾਣੀ ਨੂੰ ਸ਼ੁੱਧ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਣੀ ਦੀ ਸਿੰਚਾਈ ਲਈ ਵਰਤੋਂ ਕੀਤੀ ਜਾ ਰਹੀ ਹੈ। ਨਾਲ ਹੀ ਪਿੰਡ ਵਿੱਚ ਹੀ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ।
ਹਰਜਿੰਦਰ ਕੌਰ ਨੇ ਪਿੰਡ ਦਾ ਨਾਂ ਐਵਾਰਡ ਲਈ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਪਿੰਡਾਂ ਨੂੰ ਵੀ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਪ੍ਰੋਜੈਕਟ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।