ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।
ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਤਿਉਹਾਰ ਆਮ ਤੌਰ ‘ਤੇ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਭਾਈਚਾਰੇ ਦੀ ਜੰਗੀ ਭਾਵਨਾ ਦਾ ਪ੍ਰਤੀਕ ਹੈ।
ਮਾਨ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਭਾਰੀ ਸ਼ਮੂਲੀਅਤ ਹੁੰਦੀ ਹੈ ਅਤੇ ਸੂਬੇ ਭਰ ਤੋਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਨ੍ਹਾਂ ਤਿਉਹਾਰਾਂ ਦੀ ਰਵਾਇਤੀ ਭਾਵਨਾ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਹਮਦਰਦੀ ਦੇ ਰੰਗਾਂ ਨਾਲ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਣ, ਰਿਹਾਇਸ਼ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ 1665 ਵਿੱਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਸਨਮਾਨ ਅਤੇ ਮਨੁੱਖੀ ਅਧਿਕਾਰਾਂ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ‘ਤੇ ਇਸ ਪਵਿੱਤਰ ਧਰਤੀ ‘ਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਨਿਮਰਤਾ ਅਤੇ ਉਤਸ਼ਾਹ ਨਾਲ ਹੋਲੇ ਮੁਹੱਲੇ ਮੌਕੇ ਪਵਿੱਤਰ ਨਗਰੀ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਲਈ ਪਾਬੰਦ ਹੈ।