ਚੰਡੀਗੜ੍ਹ: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ, ਰਾਸ਼ਟਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਕੋਚਾਂ ਨੂੰ ਇਨਾਮ ਦਿੱਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਹਿਰਾਂ ਦੀ ਕਮੇਟੀ ਨਾਲ ਨਵੀਂ ਖੇਡ ਨੀਤੀ ਦੇ ਖਰੜੇ ‘ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੇ ਨਿਰਦੇਸ਼ਾਂ ਤਹਿਤ ਖੇਡ ਨੀਤੀ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਜਾਵੇਗਾ ਕਿ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਅਥਲੀਟ ਅਕਸ਼ਦੀਪ ਸਿੰਘ ਨੂੰ ਓਲੰਪਿਕ ਦੀ ਤਿਆਰੀ ਲਈ 5 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ। ਭਵਿੱਖ ਵਿੱਚ ਹੋਰ ਵੱਡੇ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਨਕਦ ਰਾਸ਼ੀ ਦੇਣ ਨੂੰ ਵੀ ਨੀਤੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਮੁਕਾਬਲੇ ਲਈ ਤਿਆਰ ਕਰਨਾ ਇਕ ਵੱਡਾ ਕਦਮ ਹੈ, ਤਮਗਾ ਜਿੱਤਣ ਤੋਂ ਬਾਅਦ ਹਰ ਕੋਈ ਇਨਾਮ ਅਤੇ ਸਨਮਾਨ ਪ੍ਰਦਾਨ ਕਰਦਾ ਹੈ, ਪਰ ਮੁਕਾਬਲੇ ਤੋਂ ਪਹਿਲਾਂ ਤਿਆਰੀ ਕਰਕੇ ਉਨ੍ਹਾਂ ਦਾ ਮਨੋਬਲ ਵਧਾਉਣ ਵਿਚ ਮਦਦ ਕਰਨੀ ਜ਼ਰੂਰੀ ਹੈ।
ਖੇਡ ਮੰਤਰੀ ਨੇ ਕਿਹਾ ਕਿ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਕੌਮੀ ਪੱਧਰ ਦੇ ਸੀਨੀਅਰ ਅਤੇ ਜੂਨੀਅਰ ਮੁਕਾਬਲਿਆਂ ਦੇ ਮੈਡਲ ਜੇਤੂ ਖਿਡਾਰੀਆਂ ਨੂੰ ਹਰ ਮਹੀਨੇ ਵਜ਼ੀਫ਼ਾ ਦੇਣ ਲਈ ਸ਼ੁਰੂ ਕੀਤੀ ਗਈ ਹੈ। ਮੀਟਿੰਗ ਵਿੱਚ ਇਸ ਗੱਲ ’ਤੇ ਵਿਚਾਰ ਕੀਤਾ ਗਿਆ ਕਿ ਇਸ ਦਾ ਦਾਇਰਾ ਵਧਾਇਆ ਜਾਵੇ ਅਤੇ ਵਜ਼ੀਫੇ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇ। ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਉਨ੍ਹਾਂ ਦੇ ਮੈਡਲਾਂ ਦੇ ਹਿਸਾਬ ਨਾਲ ਨੌਕਰੀ ਦੀ ਤਰਜੀਹ ਦਿੱਤੀ ਜਾਵੇਗੀ। ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ‘ਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ। ਹੇਠਲੇ ਪੱਧਰ ‘ਤੇ ਖਿਡਾਰੀਆਂ ਨੂੰ ਤਿਆਰ ਕਰਨ ਵਾਲੇ ਕੋਚਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ। ਕਾਲਜਾਂ-ਯੂਨੀਵਰਸਿਟੀਆਂ ਵਿੱਚ ਖੇਡ ਮੁਕਾਬਲਿਆਂ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਦੀਆਂ ਯੂਨੀਵਰਸਿਟੀਆਂ ਦੇ ਅੰਤਰ-ਯੂਨੀਵਰਸਿਟੀ ਖੇਡ ਮੁਕਾਬਲੇ ਕਰਵਾਏ ਜਾਣਗੇ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਲਈ ਲੰਮੀ ਮਿਆਦ ਦੀਆਂ ਯੋਜਨਾਵਾਂ ਉਲੀਕਣ ਲਈ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡ ਨੀਤੀ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਉਹ ਲਗਾਤਾਰ ਇਸ ਦੀਆਂ ਮੀਟਿੰਗਾਂ ਕਰਕੇ ਮਾਹਿਰਾਂ ਨਾਲ ਇਕ ਨੁਕਤੇ ‘ਤੇ ਚਰਚਾ ਕਰ ਰਹੇ ਹਨ। ਨਵੀਂ ਖੇਡ ਨੀਤੀ ਜਲਦੀ ਹੀ ਜਾਰੀ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਪੋਰਟਸ ਅਮਿਤ ਤਲਵਾੜ, ਦਰੋਣਾਚਾਰੀਆ ਐਵਾਰਡੀ ਗੁਰਬਖਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਜੇ.ਐਸ.ਚੀਮਾ, ਡਿਪਟੀ ਡਾਇਰੈਕਟਰ ਸਾਈ ਲਲਿਤ ਲੋਹਾਨੀ, ਡਾਇਰੈਕਟਰ ਹਾਇਰ ਐਜੂਕੇਸ਼ਨ ਪਰਮਜੀਤ ਸਿੰਘ ਆਦਿ ਹਾਜ਼ਰ ਸਨ। , ਡਿਪਟੀ ਡਾਇਰੈਕਟਰ (ਕਾਲਜ) ਡਾ.ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ (ਸਕੂਲਜ਼) ਸੁਨੀਲ ਕੁਮਾਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਸ਼ਾਮਲ ਸਨ।