ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।
ਇਸ ਸਬੰਧੀ ਫੈਸਲਾ ਸੂਬਾ ਸਰਕਾਰ ਅਤੇ ਕੌਮੀ ਇਨਸਾਫ਼ ਮੋਰਚਾ ਦੇ ਨੁਮਾਇੰਦਿਆਂ ਦਰਮਿਆਨ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਸੂਬਾ ਸਰਕਾਰ ਛੇਤੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।
ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਪ੍ਰਬੰਧ ਕਰਨ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਸਰਗਰਮ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।
ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।
ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ।ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।
ਬਾਪੂ ਸੂਰਤ ਸਿੰਘ ਬਾਰੇ ਚਰਚਾ ਦੌਰਾਨ ਇਹ ਸਹਿਮਤੀ ਬਣੀ ਕਿ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੂਬਾ ਸਰਕਾਰ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਮੋਰਚਾ ਇਹ ਯਕੀਨੀ ਬਣਾਏਗਾ ਕਿ ਬਾਪੂ ਸੂਰਤ ਸਿੰਘ ਘੱਟੋ-ਘੱਟ ਇੱਕ ਪੰਦਰਵਾੜੇ ਤੱਕ ਧਰਨੇ ਵਿੱਚ ਸ਼ਾਮਲ ਨਹੀਂ ਹੋਣਗੇ।