ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਮੰਗਲਵਾਰ ਸਵੇਰੇ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਗੁੱਸਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ, ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।
ਗੁਰਮੇਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਜਦੋਂ ਉਹ ਲੋਕਾਂ ਦੇ ਘਰਾਂ ਵਿੱਚ ਦੁੱਧ ਪਾਉਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਤਾਂ ਉਸਨੇ ਗੁਟਕਾ ਸਾਹਿਬ ਦੇ ਕੁਝ ਅੰਗ ਤੇ ਖੰਡਿਤ ਗੁਟਕਾ ਸਾਹਿਬ ਨਾਲੇ ਵਿੱਚ ਪਏ ਦੇਖੇ। ਉਸਨੇ ਸਤਿਕਾਰ ਨਾਲ ਗੁਟਕਾ ਸਾਹਿਬ ਦੇ ਅੰਗ ਕੱਢੇ ਤੇ ਆਪਣੇ ਨਾਲ ਘਰ ਲੈ ਆਇਆ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਕਾਰਵਾਈ ਕਰ ਰਹੀ ਹੈ।
ਕਿਸਾਨ ਆਗੂ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਕੁਝ ਸ਼ਰਾਰਤੀ ਅਨਸਰਾਂ ਦਾ ਕੰਮ ਹੈ ਜੋ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਐਸਪੀ ਫਰੀਦਕੋਟ ਜਸਮੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।