ਬੀਤੇ ਦਿਨੀਂ ਫ਼ਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਪਾਵਰ ਹਾਊਸ ਨੇੜੇ ਹਾਦਸਾ ਵਾਪਰਣ ਦੇ ਮਾਮਲੇ ਵਿੱਚ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਦੂਜਾ ਨਸ਼ਾ ਤਸਕਰ ਫਰਾਰ ਦੱਸਿਆ ਜਾ ਰਿਹਾ ਹੈ, ਉਸ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਸ ਦੀ ਕਾਰ ਚੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਦੱਸ ਦਈਏ ਬੀਤੇ ਦਿਨੀਂ ਨਸ਼ਾ ਤਸਕਰਾਂ ਨੇ ਦੋ ਸਕੇ ਭਰਾਵਾਂ ਅਤੇ ਉਨ੍ਹਾਂ ਦੀ ਪੰਜ ਸਾਲਾ ਧੀ ਨੂੰ ਆਪਣੀ ਤੇਜ਼ ਰਫ਼ਤਾਰ ਕਾਰ ਹੇਠਾਂ ਦਰੜ ਦਿੱਤਾ ਸੀ। ਇਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।
ਇਸ ਸਬੰਧੀ ਫਿਰੋਜ਼ਪੁਰ ਪੁਲਿਸ ਦੇ ਇਨਵੈਸਟੀਗੇਸ਼ਨ ਐਸ.ਪੀ ਰਣਧੀਰ ਕੁਮਾਰ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਫ਼ਿਰੋਜ਼ਪੁਰ ਦੇ ਕਸਬਾ ਮੱਖੂ ਦੇ ਪਾਵਰ ਹਾਊਸ ਨੇੜੇ ਦੋ ਬਜ਼ੁਰਗ ਭਰਾ ਆਪਣੀ ਪੰਜ ਸਾਲਾ ਪੋਤੀ ਨਾਲ ਮੋਟਰਸਾਈਕਲ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੇ ਸਨ ਤਾਂ ਉਥੇ ਦੋ ਨਸ਼ਾ ਤਸਕਰ ਆ ਗਏ, ਜਿਨ੍ਹਾਂ ‘ਚੋਂ ਇੱਕ ਅੰਮ੍ਰਿਤਸਰ ਤੇ ਦੂਜਾ ਤਰਨਤਾਰਨ ਦਾ ਰਹਿਣ ਵਾਲਾ ਸੀ।<
ਉਨ੍ਹਾਂ ਨੇ ਤੇਜ਼ ਰਫਤਾਰ ਕਾਰ ਦੇ ਹੇਠਾਂ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਜਦੋਂ ਪੁਲਿਸ ਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਕਾਰ ‘ਚ ਸਵਾਰ ਇਕ ਨਸ਼ਾ ਤਸਕਰ ਨੂੰ 7 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ।
ਉੱਥੇ ਹੀ ਅੱਜ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਸਿਵਲ ਹਸਪਤਾਲ ‘ਚ ਇਨ੍ਹਾਂ ਤਿੰਨਾਂ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਇੱਕੋ ਪਰਿਵਾਰ ਦੇ ਇਨ੍ਹਾਂ ਤਿੰਨਾਂ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਕੁੱਡੂ ਵਾਲਾ ਵਿਖੇ ਕਰ ਦਿੱਤਾ ਗਿਆ। ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਇਨ੍ਹਾਂ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਹੈਰੋਇਨ ਦੀ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਲੈ ਕੇ ਜਾਣ ਵਾਲੇ ਸਨ।