ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਬਠਿੰਡਾ ਜ਼ਿਲ੍ਹੇ ਵਿੱਚ ਭਾਰਤ ਮਾਲਾ ਪ੍ਰਾਜੈਕਟ ਲਈ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਅਕਾਲੀ ਦਲ ਵੱਲੋਂ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਗੈਰ-ਜਮਹੂਰੀ ਅਤੇ ਗੈਰ-ਵਾਜਬ ਹੈ, ਕਿਉਂਕਿ ਕਿਸਾਨ ਆਪਣੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪ੍ਰਧਾਨ ਲੀਗਲ ਸੈਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੀ ਭਾਰੀ ਤਾਕਤ ਵਰਤਣ ਦੀ ਬਜਾਏ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਰੀਆਂ ਬਕਾਇਆ ਰਕਮਾਂ ਨੂੰ ਕਲੀਅਰ ਕਰਨ ਦੀ ਬਜਾਏ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਰਾਹ ਚੁਣਿਆ।
ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਪੁਲਿਸ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਛੱਡਣ ਤੋਂ ਸਰਕਾਰ ਦੀ ਨੀਅਤ ਦਾ ਪਤਾ ਲੱਗਦਾ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਪੰਜਾਬ ਨੂੰ ਸਾਰੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਸ ਵਹਿਸ਼ੀਆਨਾ ਲਾਠੀਚਾਰਜ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਵੀ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ।
ਹਰਸਿਮਰਤ ਕੌਰ ਬਾਦਲ ਨੇ ਵੀ ਕੀਤੀ ਨਿਖੇਧੀ
ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਨੇ ਵੀ ਕਿਸਾਨਾਂ ‘ਤੇ ਲਾਠੀਚਾਰਜ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, ”ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਭਾਰਤਮਾਲਾ ਪ੍ਰੋਜੈਕਟ ਤਹਿਤ ਨਾਜਾਇਜ਼ ਜ਼ਮੀਨੀ ਅਵਾਰਡਾਂ ਵਿਰੁੱਧ ਆਵਾਜ਼ ਉਠਾਉਣ ਲਈ ਬਠਿੰਡਾ ਦੇ ਦੁਨੇਵਾਲਾ ਵਿਖੇ ਕਿਸਾਨਾਂ ‘ਤੇ ਅੱਥਰੂ ਗੈਸ ਸੁੱਟ ਰਹੀ ਹੈ। ਪੰਜਾਬ ਨੂੰ ਕਿਸਾਨਾਂ ‘ਤੇ ਅੱਤਿਆਚਾਰ ਕਰਨ ਦੀ ਬਜਾਏ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਸਾਏ ਗਏ ਨਿਆਂ ਅਨੁਸਾਰ ਜ਼ਮੀਨੀ ਅਵਾਰਡਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।”