ਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸ਼ਮਸ਼ੇਰ ਸਿੰਘ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਡਾਕਟਰ ਅਮਨਿੰਦਰ ਸਿੰਘ ਸੰਧੂ ਦੀ ਅਦਾਲਤ ਨੇ ਸ਼ਮਸ਼ੇਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।
ਸ਼ਮਸ਼ੇਰ ਸਿੰਘ ਪਿਛਲੇ 27 ਸਾਲ 6 ਮਹੀਨਿਆਂ ਤੋਂ ਬੁੜੈਲ ਜੇਲ੍ਹ ਵਿੱਚ ਬੰਦ ਹੈ। ਸ਼ਮਸ਼ੇਰ ਸਿੰਘ ਦੇ ਵਕੀਲ ਅਮਰ ਸਿੰਘ ਚਾਹਲ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਦੱਸਿਆ ਕਿ ਸ਼ਮਸ਼ੇਰ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ ਪਰ ਸ਼ਮਸ਼ੇਰ ਨੂੰ ਜੇਲ੍ਹ ਤੋਂ ਬਾਹਰ ਨਹੀਂ ਲਿਆਂਦਾ ਗਿਆ। ਸ਼ਮਸ਼ੇਰ ਸਿੰਘ ਨੇ ਆਪਣੀ ਸਜ਼ਾ ਖ਼ਤਮ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਪ੍ਰੀ-ਮੈਚਿਓਰ ਰਿਹਾਈ ਲਈ ਅਰਜ਼ੀ ਦਿੱਤੀ ਸੀ।
31 ਅਗਸਤ 1995 ਨੂੰ ਹੋਏ ਬੰਬ ਧਮਾਕੇ ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਮੌਤ ਹੋ ਗਈ ਸੀ। ਸਿਵਲ ਸਕੱਤਰੇਤ ‘ਚ ਮੁੱਖ ਮੰਤਰੀ ਦੀ ਅੰਬੈਸਡਰ ਕਾਰ ‘ਚ ਧਮਾਕਾ ਹੋਇਆ ਸੀ। ਜਿਸ ਵਿੱਚ 17 ਲੋਕਾਂ ਦੀ ਮੌਤ ਹੋਈ ਸੀ।
ਇਸ ਬੰਬ ਧਮਾਕੇ ਵਿੱਚ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਇਨ੍ਹਾਂ ਸਾਰਿਆਂ ਖ਼ਿਲਾਫ਼ ਕੇਸ ਅਦਾਲਤ ਵਿੱਚ ਚੱਲੇ। ਅਦਾਲਤ ਨੇ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ , ਦੋ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਜਦਕਿ ਬਾਕੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।
ਜਗਤਾਰ ਸਿੰਘ ਤਾਰਾ ਦੀ ਮੌਤ ਦੀ ਸਜ਼ਾ ਨੂੰ ਬਾਅਦ ਵਿੱਚ ਉਮਰ ਕੈਦ ਵਿਚ ਤਬਦੀਲ ਕੀਤਾ ਗਿਆ ਸੀ। ਫਿਰ ਇਹ ਮਾਮਲਾ ਹਾਈ ਕੋਰਟ ਵਿਚ ਚਲਾ ਗਿਆ ਜਿਸ ਨੇ ਜਗਤਾਰ ਹਵਾਰਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ। ਕੁਝ ਅਪੀਲਾਂ ਅਜੇ ਵੀ ਸੁਪਰੀਮ ਕੋਰਟ ਵਿੱਚ ਪੈਂਡਿੰਗ ਹਨ।