ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰ ਸੇਵਕਾਂ ਨਾਲ ਗੁਰਦੁਆਰਾ ਗਊਘਾਟ ਸਾਹਿਬ ਨੇੜੇ ‘ਬੁੱਢਾ ਦਰਿਆ’ ਦੀ ਸਫ਼ਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ।
ਨਿਰੀਖਣ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੱਚਲਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਡਾ: ਰਵਜੋਤ ਸਿੰਘ ਪਹਿਲੇ ਕੈਬਨਿਟ ਮੰਤਰੀ ਹਨ, ਜਿਨ੍ਹਾਂ ਨੇ ਪਿਛਲੇ ਦਿਨਾਂ ਵਿਚ ਤੀਜੀ ਵਾਰ ਬੁੱਢਾ ਦਰਿਆ ਪ੍ਰਾਜੈਕਟ ਦਾ ਨਿਰੀਖਣ ਕੀਤਾ ਹੈ | ਇਸ ਤੋਂ ਪਤਾ ਲੱਗਦਾ ਹੈ ਕਿ ਉਹ ਪੰਜਾਬ ਦੇ ਵਾਤਾਵਰਨ ਪ੍ਰਤੀ ਚਿੰਤਤ ਹਨ ਅਤੇ ਉਹ ਇਸ ਲਈ ਗੰਭੀਰਤਾ ਨਾਲ ਕਦਮ ਚੁੱਕਣਗੇ। ਸੰਤ ਸੀਚੇਵਾਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਆਰਜ਼ੀ ਪੰਪਿੰਗ ਸਟੇਸ਼ਨ ਦੀ ਸਥਾਪਨਾ ਦਾ 70 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕੁਝ ਦਿਨਾਂ ਵਿੱਚ ਮੋਟਰਾਂ ਲਗਾਈਆਂ ਜਾਣਗੀਆਂ ਅਤੇ ਸੀਵਰੇਜ ਦਾ ਕੂੜਾ ਗਊਸ਼ਾਲਾ ਪੁਆਇੰਟ ਤੋਂ ਜਮਾਲਪੁਰ ਸੀਵਰੇਜ ਟ੍ਰੀਟਮੈਂਟ ਪਲਾਂਟ ਤੱਕ ਪੰਪ ਕੀਤਾ ਜਾਵੇਗਾ।
ਡਾ: ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ (ਸੀ. ਐਮ.) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢਾ ਦਰਿਆ ਦੀ ਸਫਾਈ ਲਈ ਵਚਨਬੱਧ ਹੈ।