Dera Sirsa Chief Got 21 Days Parole: ਕਤਲ ਤੇ ਬਲਾਤਕਾਰ ਵਰਗੇ ਗੰਭੀਰ ਦੋਸ਼ਾਂ ਤਹਿਤ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਫਰਲੋ ’ਤੇ ਰਿਹਾਅ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਸ ਦੋਗਲੀ ਨੀਤੀ ਕਾਰਨ ਸਿੱਖਾਂ ਅੰਦਰ ਬੇਭਰੋਸਗੀ ਤੇ ਵਿਤਕਰੇ ਦਾ ਮਾਹੌਲ ਪੈਦਾ ਹੋ ਰਿਹਾ ਹੈ। ਸਰਕਾਰ ਖੁਦ ਅਜਿਹੀਆਂ ਹਰਕਤਾਂ ਕਰਕੇ ਸਿੱਖਾਂ ਦੇ ਹਿਰਦਿਆਂ ਵਿੱਚ ਇਹ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਦਿੱਤੀ ਜਾ ਰਹੀ ਹੈ ਜਦੋਂਕਿ ਸਿੱਖ ਕੌਮ ਵੱਲੋਂ ਦਹਾਕਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਨਹੀਂ ਸੁਣ ਰਹੀਆਂ। ਸਰਕਾਰਾਂ ਇਸ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਰਕਾਰਾਂ ਰਾਮ ਰਹੀਮ ਦੇ ਘਿਨਾਉਣੇ ਅਪਰਾਧਾਂ ਨੂੰ ਵਾਰ-ਵਾਰ ਨਜ਼ਰਅੰਦਾਜ਼ ਕਰਕੇ ਉਸ ਨੂੰ ਛੁੱਟੀਆਂ ਦੇ ਰਹੀਆਂ ਹਨ। ਅਜਿਹਾ ਕਰਨਾ ਦੇਸ਼ ਤੇ ਸਮਾਜ ਦੇ ਹਿੱਤ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਇੱਕ ਸਾਜ਼ਿਸ਼ ਤਹਿਤ ਸਿੱਖਾਂ ਨੂੰ ਭਾਰਤ ਵਿੱਚ ਰਹਿੰਦਿਆਂ ਵੀ ਬੇਗਾਨਾਪਣ ਮਹਿਸੂਸ ਕਰਵਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਸਥਿਤ ਬਰਵਾਨਾ ਆਸ਼ਰਮ ਵਿਚ ਹੀ ਰਹੇਗਾ। ਇਸ ਵਾਰ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾਂ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਖਦਸ਼ੇ ਖੜ੍ਹੇ ਹੋ ਰਹੇ ਹਨ।
ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ ਵਿੱਚ 8ਵੀਂ ਵਾਰ ਪੈਰੋਲ ਦਿੱਤੀ ਗਈ ਹੈ, ਜਦੋਂਕਿ ਸਾਲ 2023 ਵਿੱਚ ਤੀਜੀ ਵਾਰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 30 ਜੁਲਾਈ 2023 ਨੂੰ ਪੈਰੋਲ ਦਿੱਤੀ ਗਈ ਸੀ ਤੇ ਉਸ ਤੋਂ ਪਹਿਲਾਂ ਜਨਵਰੀ, 2023 ਵਿੱਚ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ।