ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਇਸ ਮੀਟਿੰਗ ਵਿੱਚ ਲਹਿਰ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸ਼ਾਮਲ ਨਹੀਂ ਹੋਏ।
ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 13 ਮੰਗਾਂ ਪੇਸ਼ ਕੀਤੀਆਂ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਕਦੋਂ ਤੋਂ ਚੱਲ ਰਿਹਾ ਧਰਨਾ
ਪੰਜਾਬ ਦੇ ਕਿਸਾਨ ਫਰਵਰੀ-2024 ਤੋਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਧਰਨੇ ‘ਤੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।
ਹਾਈਕੋਰਟ ਦੇ ਆਦੇਸ਼ ਖ਼ਿਲਾਫ ਸੁਪਰੀਮ ਕੋਰਟ ਪੁੱਜੀ ਹਰਿਆਣਾ ਸਰਕਾਰ
ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਸੀ ਜਿਸ ਤੋਂ ਬਾਅਦ ਇਸ ਮਾਮਲੇ ਦੇ ਹੱਲ ਕਈ ਕਮੇਟੀ ਬਣਾਈ ਗਈ ਹੈ ਜੋ ਕਿ ਅਜੇ ਬੇਸਿੱਟਾ ਮੀਟਿੰਗਾਂ ਕਰ ਰਹੀ ਹੈ।