ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਕੋਸ਼ਿਸ਼ : ਸੁਖਬੀਰ ਸਿੰਘ ਬਾਦਲ

0
9302
ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਕੋਸ਼ਿਸ਼ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਡਰਾਮਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਿਆਸੀ ਡਰਾਮੇਬਾਜ਼ੀਆਂ ਨਾਲ ਵਾਰ-ਵਾਰ ਲੋਕਾਂ ਨੂੰ ਮੂਰਖ ਨਹੀਂ ਬਣਾਇਆ ਜਾ ਸਕੇਗਾ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੀ ਡਰਾਮੇਬਾਜ਼ੀ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਹਨ ਪਰ ਹਾਲੇ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਹੁਣ ਵੀ ਮੁੱਖ ਮੰਤਰੀ, ਜੋ ਲੁਧਿਆਣਾ ਵਿਚ 24000 ਏਕੜ ਜ਼ਮੀਨ ਧੱਕੇ ਨਾਲ ਐਕਵਾਇਰ ਕਰਨ ਵਾਸਤੇ ਬਹੁਤ ਜ਼ਿਆਦਾ ਦਬਾਅ ਹੇਠ ਹਨ, ਨੇ ਲੋਕਾਂ ਦਾ ਧਿਆਨ ਪਾਸੇ ਕਰਨ ਦੇ ਯਤਨ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ’ਤੇ ਕੋਈ ਚਰਚਾ ਨਹੀਂ ਚਾਹੁੰਦੇ ਕਿਉਂਕਿ ਇਹ ਸਪਸ਼ਟ ਤੌਰ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਇਹ ਖਦਸ਼ਾ ਹੈ ਕਿ ਰਮਨ ਅਰੋੜਾ ਖਿਲਾਫ ਕੇਸ ਖੁਰਦ ਬੁਰਦ ਕਰ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਮਾਮਲੇ ਦੀ ਕੇਂਦਰੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਆਪ ਦੇ ਸਿਖ਼ਰਲੇ ਪੱਧਰ ਤੋ ਭ੍ਰਿਸ਼ਟਾਚਾਰ ਦਾ ਸਾਰਾ ਮਾਮਲਾ ਬੇਨਕਾਬ ਹੋ ਜਾਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਇਸਦੀ ਜਾਂਚ ਨਹੀਂ ਕਰਵਾ ਸਕੇਗੀ ਅਤੇ ਇਹੀ ਕਾਰਨ ਹੈ ਕਿ ਇਸ ਸਾਰੇ ਮਾਮਲੇ ਦੀ ਕੇਂਦਰੀ ਜਾਂਚ ਦੀ ਲੋੜ ਹੈ।

 

LEAVE A REPLY

Please enter your comment!
Please enter your name here