‘ਆਪ’ ਨੇ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ‘ਤੇ ਕਾਂਗਰਸੀ ਆਗੂ ਅਤੇ ਲੋਪ ਪ੍ਰਤਾਪ ਸਿੰਘ ਬਾਜਵਾ ਦੀ ਤਿੱਖੀ ਆਲੋਚਨਾ ਕੀਤੀ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਵੱਡੀ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।
ਕੰਗ ਨੇ ਕਿਹਾ ਕਿ ਕਾਂਗਰਸ ਬੇਚੈਨ ਹੈ। ਉਹ ਸਾਡੇ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦੇ ਹੋਏ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨਸ਼ੀਲ ਹਨ, ਤਾਂ ਜੋ ਪਿੰਡਾਂ ਦੇ ਵਿਕਾਸ ਵਿੱਚ ਤੇਜ਼ੀ ਆ ਸਕੇ।
ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਕਾਫੀ ਪਛੜ ਰਹੀ ਹੈ। ਲੋਕ ਕਾਂਗਰਸੀ ਉਮੀਦਵਾਰਾਂ ਨੂੰ ਕੋਈ ਮਹੱਤਵ ਨਹੀਂ ਦੇ ਰਹੇ ਕਿਉਂਕਿ ਉਹ ਪਿਛਲੇ ਸਮੇਂ ਵਿੱਚ ਉਨ੍ਹਾਂ ਦੀਆਂ ਕਾਰਵਾਈਆਂ ਦੇਖ ਚੁੱਕੇ ਹਨ। ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ ਉਮੀਦਵਾਰਾਂ ਨੂੰ ਸਰਪੰਚ ਚੁਣਨ ਦਾ ਫੈਸਲਾ ਕੀਤਾ ਹੈ। ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਜਨਤਾ ਮਾਨ ਸਰਕਾਰ ਦਾ ਸਾਥ ਦੇਣਾ ਚਾਹੁੰਦੀ ਹੈ। ਇਸ ਕਾਰਨ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਬੇਚੈਨ ਹਨ।
ਕੰਗ ਨੇ ਅੱਗੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੌਰਾਨ ਪੰਚਾਇਤਾਂ ਵੇਚੀਆਂ ਗਈਆਂ ਅਤੇ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਹਿੰਸਾ ਹੋਈ।