ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਹਲਚਲ ਤੇਜ਼, ਪੰਧੇਰ ਬੋਲੇ- ਸਰਕਾਰ ਵੱਲੋਂ ਗੱਲਬਾਤ ਦਾ ਕੋਈ ਸੱਦਾ ਨਹੀਂ…

0
63
ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਹਲਚਲ ਤੇਜ਼, ਪੰਧੇਰ ਬੋਲੇ- ਸਰਕਾਰ ਵੱਲੋਂ ਗੱਲਬਾਤ ਦਾ ਕੋਈ ਸੱਦਾ ਨਹੀਂ...
Spread the love

ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸ਼ੰਭੂ ਬਾਰਡਰ ਤੇ ਅੱਜ ਮੁੜ ਦਿੱਲੀ ਤੱਕ ਕੂਚ ਕਰਨਗੇ। 101 ਕਿਸਾਨਾਂ ਦਾ ਸਮੂਹ ਦੁਪਹਿਰ 12 ਵਜੇ ਰਵਾਨਾ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ, ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾਇਆ ਅਤੇ ਕਿਹਾ ਕਿ ਕੇਂਦਰ ਕੋਲ ਇੱਕ ਦਿਨ ਦਾ ਸਮਾਂ ਹੈ। ਜੇਕਰ ਉਨ੍ਹਾਂ ਨੇ ਗੱਲ ਨਾ ਕੀਤੀ ਤਾਂ ਉਹ 8 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। ਜਿਸਦੇ ਚੱਲਦੇ ਅੱਜ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਹਲਚਲ ਤੇਜ਼ ਹੋ ਗਈ ਹੈ।

ਹਰਿਆਣਾ ਪੁਲਿਸ ਨੇ ਮੀਡੀਆ ਨੂੰ ਭੀੜ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ

ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਮੀਡੀਆ ਕਰਮੀਆਂ ਨੂੰ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਥਾਂ ‘ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ ਗਏ

ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਵਿਰੁੱਧ ਇੱਕ ਦਿਨ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ  ਪ੍ਰਦਰਸ਼ਨ ਕੀਤਾ ਸੀ। ਯੂਨੀਅਨਾਂ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਕੇਂਦਰ ਤੇ ਹਰਿਆਣਾ ਸਰਕਾਰਾਂ ਦੇ ਪੁਤਲੇ ਫੂਕੇ ਗਏ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।

 

 

LEAVE A REPLY

Please enter your comment!
Please enter your name here