ਪੰਜਾਬ ਦੇ ਕਈ ਹਿੱਸਿਆਂ ਵਿੱਚ ਹਨ੍ਹੇਰੀ ਤੇ ਝੱਖੜ ਨੇ ਤਬਾਹੀ ਮਚਾਈ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਖਤਰਾ ਅਜੇ ਟਲਿਆ ਨਹੀਂ। ਪੰਜਾਬ ਦੇ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਉਧਰ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬਾ ਸਰਕਾਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹੇ ਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਰਿਪੋਰਟ ਅੱਗੇ ਮਾਲ ਮਹਿਕਮੇ ਕੋਲ ਭੇਜੀ ਜਾਵੇਗੀ, ਜਿਸ ਤੋਂ ਬਾਅਦ ਫ਼ਸਲਾਂ ਦੇ ਖਰਾਬੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਯਾਦ ਰਹੇ ਇਸ ਵੇਲੇ ਪੰਜਾਬ ਵਿੱਚ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਦੌਰਾਨ ਲੰਘੀ ਸ਼ਾਮ ਨੂੰ ਹਨੇਰੀ ਤੇ ਝੱਖੜ ਤੋਂ ਬਾਅਦ ਪਏ ਮੀਂਹ ਤੇ ਗੜੇਮਾਰੀ ਨੇ ਸੂਬੇ ਦੇ ਦਰਜਨ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਕਾਫੀ ਨੁਕਸਾਨ ਕਰ ਦਿੱਤਾ ਹੈ। ਇਸ ਦੌਰਾਨ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲੋਂ-ਨਾਲ ਮੰਡੀਆਂ ਵਿੱਚ ਪਈ ਫ਼ਸਲ ਵੀ ਭਿੱਜ ਗਈ ਹੈ, ਜਿਸ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਤੂਫਾਨ ਕਾਰਨ ਪਾਵਰਕਾਮ ਨੂੰ ਵੀ ਲਗਪਗ 5.50 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ 11 ਕੇਵੀ ਟਰਾਂਸਮਿਸ਼ਨ ਲਾਈਨਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਕਾਰਨ ਪਟਿਆਲਾ, ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਲਗਭਗ 50 ਗਰਿੱਡ ਬਿਜਲੀ ਲਾਈਨਾਂ ਪ੍ਰਭਾਵਿਤ ਹੋਈਆਂ ਹਨ। ਹਾਲਾਂਕਿ, ਵਿਭਾਗ ਨੇ ਨੁਕਸਾਨ ਦੇ ਬਾਵਜੂਦ ਬਿਜਲੀ ਸਪਲਾਈ ਬਹਾਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ।
ਪੀਐਸਪੀਸੀਐਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਾਭਾ ਤੋਂ ਭਵਾਨੀਗੜ੍ਹ ਗਰਿੱਡ ਤੱਕ 220 ਕੇਵੀ ਟਰਾਂਸਮਿਸ਼ਨ ਲਾਈਨ ਤੇ ਕਈ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਵਿਭਾਗ ਨੂੰ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਲਗਪਗ 2,000 ਬਿਜਲੀ ਦੇ ਖੰਭੇ ਤੇ 100 ਟ੍ਰਾਂਸਫਾਰਮਰ ਵੀ ਨੁਕਸਾਨੇ ਗਏ, ਜਿਸ ਨਾਲ 2.5 ਕਰੋੜ ਰੁਪਏ ਦਾ ਨੁਕਸਾਨ ਹੋਇਆ। ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਅਜੇ ਬਾਕੀ ਹੈ।