ਕਿਸਾਨਾਂ ਦੇ ਚੰਡੀਗੜ੍ਹ ਮੋਰਚੇ ਨਾਲ ਸਬੰਧਤ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ ਘਰਾਚੋਂ ਦੇ ਵਿੱਚ ਕਿਸਾਨਾਂ ਵੱਲੋਂ ਰੋਡ ਦੇ ਉੱਪਰ ਲਗਾਏ ਗਏ ਮੋਰਚੇ ਦੇ ਵਿੱਚ ਪਹੁੰਚੇ। ਇਸ ਦੌਰਾਨ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਨਕਾਰ ਦਿੱਤਾ ਹੈ।
ਕਿਸਾਨਾਂ ਨੇ ਮੋਰਚਾ ਕੀਤਾ ਰੱਦ : ਡੀਆਈਜੀ ਸਿੱਧੂ
ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਨੇ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਉਨ੍ਹਾਂ ਦੀ ਆਮ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਸਾਰੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਕੱਲ ਦੁਪਹਿਰ ਤੱਕ ਰਿਹਾਅ ਕਰ ਦਿੱਤਾ ਜਾਵੇਗਾ, ਜਦਕਿ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਡੀਆਈਜੀ ਨੇ ਕਿਹਾ ਕਿ ਕਿਸਾਨਾਂ ਨੇ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਹੈ।
ਜੋਗਿੰਦਰ ਸਿੰਘ ਉਗਰਾਹਾਂ ਨੇ ਨਕਾਰਿਆ ਡੀਆਈਜੀ ਦਾ ਦਾਅਵਾ
ਉਧਰ, ਚੰਡੀਗੜ੍ਹ ਕੂਚ ਰੱਦ ਕੀਤੇ ਜਾਣ ਦੇ ਡੀਆਈਜੀ ਦੇ ਦਾਅਵੇ ਨੂੰ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਨਕਾਰ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਕੋਈ ਸਹਿਮਤੀ ਨਹੀਂ ਬਣੀ ਹੈ ਅਤੇ ਇਸ ਸਬੰਧੀ ਕਿਸੇ ਕਿਸਾਨ ਆਗੂ ਕੋਲ ਗੱਲਬਾਤ ਨਹੀਂ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੂਚ ਰੱਦ ਕਰਨ ਦਾ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਨਹੀਂ ਸੀ, ਸਗੋਂ 7 ਦਿਨਾਂ ਦਾ ਧਰਨਾ ਲਾਇਆ ਜਾਣਾ ਸੀ, ਜਿਸ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਪੱਕਾ ਮੋਰਚਾ ਲਗਾਉਣ ਬਾਰੇ ਨਹੀਂ ਕਿਹਾ ਸੀ।
ਦੱਸ ਦਈਏ ਕਿ ਡੀਆਈਜੀ ਸਿੱਧੂ ਦੇ ਦਾਅਵੇ ਤੋਂ ਬਾਅਦ ਪੁਲਿਸ ਮੁਲਾਜ਼ਮ ਸੜਕਾਂ ‘ਤੇ ਲਾਈਆਂ ਰੋਕਾਂ ਹਟਾਉਂਦੇ ਵੀ ਵਿਖਾਈ ਦਿੱਤੇ ਸਨ।