ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ

0
100439
ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ

ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਵਿੱਚ ਰੋਹ ਵਧ ਗਿਆ ਹੈ। ਬੇਸ਼ੱਕ ਕਿਸਾਨ ਲੀਡਰ ਅਜੇ ਕੇਂਦਰ ਨਾਲ ਗੱਲਬਾਤ ਰਾਹੀਂ ਹੀ ਮੁੱਦੇ ਹੱਲ ਕਰਨ ਲਈ ਰਾਜੀ ਹਨ ਪਰ ਹਰਿਆਣਾ ਦੀਆਂ ਹੱਦਾਂ ਉਪਰ ਇਕੱਠੇ ਹੋਏ ਵੱਡੀ ਗਿਣਤੀ ਨੌਜਵਾਨ ਕਿਸਾਨ ਹੁਣ ਦਿੱਲੀ ਜਾਣ ਲਈ ਕਾਹਲੇ ਹਨ। ਇਸ ਲਈ ਅੱਜ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ ਮਾਹੌਲ ਕਾਫੀ ਗਰਮ ਨਜ਼ਰ ਆ ਰਿਹਾ ਹੈ।

ਉਧਰ, ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ। ਇਸ ਲਈ ਅੱਜ ਮਾਹੌਲ ਕਾਫੀ ਤਣਾਅ ਵਾਲਾ ਰਹੇਗਾ।

ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ

ਦੱਸ ਦਈਏ ਕਿ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। ਇਹ ਮੀਟਿੰਗ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਸੂਤਰਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਕਿਸਾਨਾਂ ਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ ਪਰ ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਅੜੇ ਰਹੇ।

ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਚੋਣ ਜ਼ਾਬਤਾ ਲੱਗਣ ਤੱਕ ਗੱਲਬਾਤ ਨੂੰ ਖਿੱਚਣਾ ਚਾਹੁੰਦੀ ਹੈ ਜਦੋਂਕਿ ਕਿਸਾਨ ਆਗੂ ਇਸ ਤਾਕ ਵਿੱਚ ਹਨ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਦਬਾਅ ਬਣਾ ਕੇ ਕਿਸਾਨਾਂ ਲਈ ਕੁਝ ਹਾਸਲ ਕੀਤਾ ਜਾ ਸਕੇ।

 

LEAVE A REPLY

Please enter your comment!
Please enter your name here