ਗਿੱਦੜਬਾਹਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਡਿੰਪੀ ਢਿੱਲੋਂ ਪਾਰਟੀ ਛੱਡਣ ਨੂੰ ਲੈ ਕੇ ਸੁਰਖੀਆਂ ਦੇ ਵਿੱਚ ਬਣੇ ਹੋਏ ਹਨ। ਅਜਿਹੇ ਦੇ ਵਿੱਚ ਹੁਣ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਐਕਸ ਉੱਤੇ ਪੋਸਟ ਪਾ ਕੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਗਿੱਦੜਬਾਹਾ ਤੋਂ ਕਿਸੇ ਹੋਰ ਆਗੂ ਨੂੰ ਉਮੀਦਵਾਰ ਵਜੋਂ ਉਤਾਰਨ ਦਾ ਇਰਾਦਾ ਨਹੀਂ ਹੈ।
ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਗਿੱਦੜਬਾਹਾ ਤੋਂ ਕਿਸੇ ਹੋਰ ਪਾਰਟੀ ਦੇ ਆਗੂ ਨੂੰ ਉਮੀਦਵਾਰ ਵਜੋਂ ਉਤਾਰਨ ਦੇ ਇਰਾਦੇ ਨਾਲ ਅਕਾਲੀ ਦਲ ਵਿੱਚ ਲਿਆਉਣ ਦਾ ਕੋਈ ਇਰਾਦਾ ਨਹੀਂ ਹੈ। ਨਾ ਹੀ ਪਾਰਟੀ ਨੇ ਇਸ ਤਰ੍ਹਾਂ ਦੇ ਕਦਮ ਬਾਰੇ ਕਿਸੇ ਨਾਲ ਚਰਚਾ ਕੀਤੀ ਹੈ। ਅਜਿਹੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ ਹਨ।
ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਪਾਰਟੀ ਆਉਣ ਵਾਲੀ ਜ਼ਿਮਨੀ ਚੋਣ ਲਈ ਡਿੰਪੀ ਢਿੱਲੋਂ ‘ਤੇ ਪੂਰੀ ਤਰ੍ਹਾਂ ਭਰੋਸਾ ਅਤੇ ਸਮਰਥਨ ਕਰਦੀ ਹੈ। ਪਾਰਟੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ’।
ਡਾਕਟਰ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਮੀਟਿੰਗਾਂ ਵਿੱਚ ਖੁੱਲ੍ਹ ਕੇ ਵਕਾਲਤ ਕੀਤੀ ਹੈ ਕਿ ਡਿੰਪੀ ਢਿੱਲੋਂ ਸਾਡੇ ਸਭ ਤੋਂ ਵਧੀਆ ਉਮੀਦਵਾਰ ਹਨ। ਉਨ੍ਹਾਂ ਇਸ ਬਾਰੇ ਪਾਰਟੀ ਦੇ ਨਵੇਂ ਬਣੇ ਸੰਸਦੀ ਬੋਰਡ ਨਾਲ ਵੀ ਵਿਸਥਾਰ ਨਾਲ ਚਰਚਾ ਕੀਤੀ। ਅਕਾਲੀ ਦਲ ਦੇ ਪ੍ਰਧਾਨ ਡਿੰਪੀ ਢਿੱਲੋਂ ਵੱਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ ਗਿੱਦੜਬਾਹਾ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਨੇ ਅੱਗੇ ਕਿਹਾ- ‘ਅਧਿਕਾਰਤ ਐਲਾਨ ਕਿਤੇ ਵੀ ਨਹੀਂ ਹੋ ਸਕਿਆ ਕਿਉਂਕਿ ਪਾਰਟੀ ਦਾ ਸੰਸਦੀ ਬੋਰਡ ਫੀਡਬੈਕ ਇਕੱਠਾ ਕਰਨ ਦੀ ਪ੍ਰਕਿਰਿਆ ਵਿਚ ਹੈ। ਇਸ ਲਈ ਉਸ ਨੂੰ ਇਸ ਤਰ੍ਹਾਂ ਨਹੀਂ ਲੈਣਾ ਚਾਹੀਦਾ ਸੀ।’ ਚੀਮਾ ਨੇ ਅੱਗ ਕਿਹਾ ਕਿ – ”ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਤੋਂ ਗੁੰਮਰਾਹ ਨਾ ਹੋਣ। ਪਾਰਟੀ ਪ੍ਰਧਾਨ ਸਮੇਤ ਪੂਰੀ ਪਾਰਟੀ ਉਨ੍ਹਾਂ ਦੇ ਨਾਲ ਹੈ”