ਜਥੇਦਾਰ ਤਖ਼ਤ ਸਾਹਿਬ ਦੇ ਅਹੁਦੇ ਦੀ ਨਿਰਾਦਰੀ ਕਰਨ ਦੀ ਕੋਸ਼ਿਸ਼ ਕਰਨ ਲਈ ਅਕਾਲੀ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਇਸ ਪਾਪ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।
ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਜਥੇਦਾਰ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਅਥਾਰਟੀ ਰਹੀ ਹੈ। ਉਧਰ, ਉਨ੍ਹਾਂ ਕਿਹਾ ਕਿ ਪਿਛਲੇ ਕੁਝ ਘੰਟਿਆਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਆਗੂਆਂ ਦਾ ਸ਼ਰਮਨਾਕ ਚਿਹਰਾ ਦੇਖ ਲਿਆ ਹੈ ਜੋ ਆਪਣੇ ਸਵਾਰਥਾਂ ਲਈ ਜਥੇਦਾਰ ਸਾਹਿਬ ਦੇ ਅਧਿਕਾਰ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਸ਼ਰਮਨਾਕ ਢੰਗ ਨਾਲ ਜਥੇਦਾਰ ਤਖ਼ਤ ਸਾਹਿਬ ਦੀ ਅਥਾਰਟੀ ਦਾ ਘੋਰ ਨਿਰਾਦਰ ਕੀਤਾ ਹੈ ਜੋ ਗੈਰਵਾਜਬ ਅਤੇ ਅਣਇੱਛਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂਆਂ ਦਾ ਸਿਰਫ਼ ਇੱਕ ਪਰਿਵਾਰ ਵਿੱਚੋਂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਅਣਗਹਿਲੀ ਵਾਲਾ ਅਤੇ ਹੰਕਾਰੀ ਰਵੱਈਆ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੇ ਪੰਜਾਬ ਅਤੇ ਖਾਸ ਕਰਕੇ ਸਿੱਖ ਕੌਮ ਦਾ ਪਹਿਲਾਂ ਹੀ ਨਾ ਪੂਰਾ ਹੋਣ ਵਾਲਾ ਨੁਕਸਾਨ ਕੀਤਾ ਹੈ। ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਤਾਜ਼ਾ ਕਾਰਵਾਈ ਨੇ ਸਿੱਖ ਕੌਮ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ ਅਤੇ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ।