ਭਾਰਤ ਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਘੱਟ ਹੋਣ ਦੇ ਬਾਵਜੂਦ ਲੋਕਾਂ ਵਿੱਚ ਅਜੇ ਵੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਸਮੇਤ ਜਲੰਧਰ ਅਤੇ ਕਪੂਰਥਲਾ ‘ਚ ਪਾਕਿਸਤਾਨੀ ਮਿਜ਼ਾਈਲਾਂ ਅਤੇ ਡਰੋਨ ਰਾਹੀਂ ਹਮਲੇ ਹੋਏ। ਪਰ ਇਸ ਦੌਰਾਨ ਜਲੰਧਰ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਪਟਾਕੇ ਫੋੜ ਕੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ।
ਲੋਕਾਂ ‘ਚ ਮੱਚੀ ਤਰਥੱਲੀ
ਪਟਾਕੇ ਫਟਣ ਨਾਲ ਲੋਕ ਘਬਰਾ ਗਏ। ਉਨ੍ਹਾਂ ਨੂੰ ਲੱਗਾ ਕਿ ਕਿਤੇ ਇਹ ਮਿਜ਼ਾਈਲ ਧਮਾਕੇ ਦੀ ਆਵਾਜ਼ ਤਾਂ ਨਹੀਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਇਹ ਐਫਆਈਆਰ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਡਿਵੀਜ਼ਨ ਨੰਬਰ 8 ਵੱਲੋਂ ਦਰਜ ਕੀਤੀ ਗਈ ਹੈ।
ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼
ਜਲੰਧਰ ਸਿਟੀ ਪੁਲਿਸ ਦੇ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਵਲੋਂ ਦਰਜ ਕੀਤੀ ਗਈ ਐਫਆਈਆਰ ਪੁਲਿਸ ਮਲਾਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਜਲੰਧਰ ਪੁਲਿਸ ਦੇ ਏਐਸਆਈ ਗੁਰਮੇਲ ਸਿੰਘ ਨੇ ਕਿਹਾ- ਭਾਰਤ-ਪਾਕਿਸਤਾਨ ਜੰਗ ਵਿਚ ਜਦੋਂ ਉਸ ‘ਤੇ ਵਿਰਾਮ ਲਾ ਦਿੱਤਾ ਗਿਆ, ਤਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਦੇਰ ਰਾਤ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਈ ਗਈ। ਇਸ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਡਰੇ ਹੋਏ ਰਹੇ।
ਪੁਲਿਸ ਜਾਂਚ ਲਈ ਪਹੁੰਚੀ ਤਾਂ ਸਾਰੇ ਫਰਾਰ
ਏਐਸਆਈ ਨੇ ਕਿਹਾ- ਜਦੋਂ ਇਸ ਬਾਰੇ ਪੁਲਿਸ ਨੂੰ ਪਤਾ ਚੱਲਾ ਤਾਂ ਤੁਰੰਤ ਜਾਂਚ ਲਈ ਥਾਣਾ ਡਿਵੀਜ਼ਨ ਨੰਬਰ-8 ਤੋਂ ਇੱਕ ਟੀਮ ਜਾਂਚ ਲਈ ਪਹੁੰਚ ਗਈ ਸੀ। ਜਾਂਚ ਵਿੱਚ ਕਿਸੇ ਵੀ ਵਿਅਕਤੀ ਦਾ ਨਾਮ ਸਾਹਮਣੇ ਨਹੀਂ ਆਇਆ, ਪਰ ਪੁਲਿਸ ਨੇ ਮਾਮਲੇ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਹੁਣ ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ, ਤਾਂ ਜੋ ਆਰੋਪੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਤੋਂ ਬਾਅਦ ਪੁਲਿਸ ਮਾਮਲੇ ਵਿੱਚ ਉਨ੍ਹਾਂ ਆਰੋਪੀਆਂ ਨੂੰ ਕੇਸ ਵਿੱਚ ਨਾਮਜ਼ਦ ਕਰੇਗੀ।