ਸੂਬੇ ‘ਚ ਦੁਸਹਿਰਾ ਮਨਾਉਣ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਇਹ ਅਲਰਟ ਜਾਰੀ ਕੀਤਾ ਗਿਆ ਹੈ।
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਨ ਵਾਲੇ ਐੱਸਪੀਐੱਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ। .
ਉਨ੍ਹਾਂ ਦੱਸਿਆ ਕਿ ਨਾਕਿਆਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਐਸਪੀਐਲ ਡੀਜੀਪੀ ਨੇ ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦਾ ਵੀ ਦੌਰਾ ਕੀਤਾ ਅਤੇ ਨਾਕਿਆਂ ‘ਤੇ ਤਾਇਨਾਤ ਫੋਰਸ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਸਵਪਨ ਸ਼ਰਮਾ ਦੀ ਮੌਜੂਦਗੀ ਵਿੱਚ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।