ਬਦਨਾਮ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਦਿੱਤਾ। ਇਹ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਮੱਤੇਵਾਲ ਪੁਲਿਸ ਸਟੇਸ਼ਨ ਨੇ ਦਸੰਬਰ 2012 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਸੀ।
ਵਕੀਲ ਦਾ ਦਾਅਵਾ, ਝੂਠਾ ਕੇਸ ਕੀਤਾ ਗਿਆ ਦਰਜ
ਜਾਣਕਾਰੀ ਦਿੰਦੇ ਹੋਏ ਜੱਗੂ ਭਗਵਾਨਪੁਰੀਆ ਦੇ ਵਕੀਲ ਅਮਨਦੀਪ ਸਿੰਘ ਪਾਹਵਾ ਨੇ ਦੱਸਿਆ ਕਿ ਮੱਤੇਵਾਲ ਪੁਲਿਸ ਨੇ 2012 ਵਿੱਚ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜੱਗੂ ਵੱਲੋਂ ਦਿੱਤੇ ਗਏ ਖੁਲਾਸੇ ਦੇ ਆਧਾਰ ‘ਤੇ, 700 ਗ੍ਰਾਮ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤਾ ਗਿਆ ਸੀ। ਹਾਲਾਂਕਿ, ਪੁਲਿਸ ਦੋਸ਼ਾਂ ਨੂੰ ਸਾਬਤ ਕਰਨ ਲਈ ਅਦਾਲਤ ਵਿੱਚ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਵਕੀਲ ਨੇ ਕਿਹਾ ਕਿ ਇਹ ਮਾਮਲਾ ਝੂਠੀ ਕਹਾਣੀ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਕਈ ਕਮੀਆਂ ਪਾਈਆਂ ਗਈਆਂ ਸਨ। ਅਦਾਲਤ ਨੇ ਮਾਮਲੇ ਵਿੱਚ ਪੇਸ਼ ਕੀਤੇ ਗਏ ਸਬੂਤਾਂ ਵਿੱਚ ਖਾਮੀਆਂ ਨੂੰ ਦੇਖਦੇ ਹੋਏ ਜੱਗੂ ਭਗਵਾਨਪੁਰੀਆ ਨੂੰ ਬਰੀ ਕਰ ਦਿੱਤਾ।
ਇੱਕ ਹੋਰ ਕੇਸ ਵਿੱਚੋਂ ਹੋਇਆ ਬਰੀ
ਜ਼ਿਕਰ ਕਰ ਦਈਏ ਕਿ ਪਿਛਲੇ ਸਾਲ ਉਸਨੂੰ ਸਤੰਬਰ 2014 ਵਿੱਚ ਸੋਹੀਆਂ ਕਲਾਂ ਪਿੰਡ (ਮਜੀਠਾ ਥਾਣਾ ਖੇਤਰ) ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਜੱਗੂ ਭਗਵਾਨਪੁਰੀਆ ਵਿਚਕਾਰ ਹੋਏ ਮੁਕਾਬਲੇ ਦੇ ਮਾਮਲੇ ਵਿੱਚ ਵੀ ਬਰੀ ਕਰ ਦਿੱਤਾ ਗਿਆ ਸੀ। ਇਸ ਘਟਨਾ ਦੌਰਾਨ ਪੁਲਿਸ ਨੇ ਉਜ਼ਬੇਕੀਸਤਾਨ ਦੀ ਔਰਤ ਦਿਲਨੋਜਾ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਜੱਗੂ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਿਆ ਸੀ।
19 ਮਾਮਲਿਆਂ ਵਿੱਚੋਂ ਬਰੀ ਹੋ ਚੁੱਕਿਆ ਜੱਗੂ
ਦੱਸ ਦਈਏ ਕਿ ਹੁਣ ਤੱਕ ਜੱਗੂ ਭਗਵਾਨਪੁਰੀਆ ਨੂੰ ਲਗਭਗ 19 ਅਪਰਾਧਿਕ ਮਾਮਲਿਆਂ ਵਿੱਚ ਬਰੀ ਕੀਤਾ ਜਾ ਚੁੱਕਾ ਹੈ। ਉਸ ਵਿਰੁੱਧ ਕੁੱਲ 70 ਦੇ ਕਰੀਬ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਐਨਡੀਪੀਐਸ ਐਕਟ ਦੇ ਤਹਿਤ ਗੰਭੀਰ ਦੋਸ਼ ਸ਼ਾਮਲ ਹਨ। ਹਾਲਾਂਕਿ, ਜੱਗੂ ਭਗਵਾਨਪੁਰੀਆ ਵਿਰੁੱਧ ਅਜੇ ਵੀ ਕਈ ਅਪਰਾਧਿਕ ਮਾਮਲੇ ਲੰਬਿਤ ਹਨ, ਜਿਨ੍ਹਾਂ ਦੀ ਪੁਲਿਸ ਜਾਂਚ ਕਰ ਰਹੀ ਹੈ।