ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ਵਿੱਚ ਮੰਗਲਵਾਰ ਨੂੰ ਦੁਪਹਿਰ ਲਗਭਗ 2:30 ਵਜੇ ਅੱਤਵਾਦੀ ਹਮਲਾ ਹੋਇਆ ਹੈ। ਇਹ 2019 ਦੇ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ 26 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਮ੍ਰਿਤਕਾਂ ਵਿੱਚ 2 ਵਿਦੇਸ਼ੀ ਸੈਲਾਨੀ ਅਤੇ 2 ਸਥਾਨਕ ਨਾਗਰਿਕ ਸ਼ਾਮਲ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਅੱਤਵਾਦੀਆਂ ਨੇ ਇੱਕ ਸੈਲਾਨੀ ਤੋਂ ਉਸਦਾ ਨਾਮ ਪੁੱਛਿਆ ਅਤੇ ਫਿਰ ਉਸਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਹ ਦੂਜੇ ਸੈਲਾਨੀਆਂ ‘ਤੇ ਗੋਲੀਬਾਰੀ ਕਰਦੇ ਹੋਏ ਭੱਜ ਗਏ। ਲਸ਼ਕਰ-ਏ-ਤੋਇਬਾ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਪ੍ਰਸ਼ਾਸਨ ਨੇ ਅੱਤਵਾਦੀ ਹਮਲੇ ਵਿੱਚ ਇੱਕ ਦੀ ਮੌਤ ਦੀ ਪੁਸ਼ਟੀ ਕੀਤੀ ਸੀ ਪਰ ਲਗਭਗ 6 ਘੰਟੇ ਬਾਅਦ 26 ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਘਟਨਾ ਵਿੱਚ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪਹਿਲਗਾਮ ਵਿੱਚ ਹਮਲਾ ਕੀਤੇ ਗਏ ਇਲਾਕੇ ਨੂੰ ਘੇਰ ਲਿਆ ਹੈ। ਹੈਲੀਕਾਪਟਰਾਂ ਤੋਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਪੋਸਟ ਕਰਦੇ ਹੋਏ ਕਿਹਾ , “ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਘਿਨਾਉਣੇ ਕੰਮ ਦੇ ਪਿੱਛੇ ਜੋ ਲੋਕ ਹਨ ,ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ… ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਨਾਪਾਕ ਏਜੰਡਾ ਕਦੇ ਵੀ ਸਫਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਇਰਾਦਾ ਅਟੱਲ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।”
ਸ਼੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
ਪ੍ਰਧਾਨ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼੍ਰੀਨਗਰ ਪਹੁੰਚ ਗਏ ਹਨ। ਉਹ ਇੱਥੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਕਰਨਗੇ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਮੁਖੀ ਉਪੇਂਦਰ ਦਿਵੇਦੀ ਨਾਲ ਗੱਲ ਕੀਤੀ ਅਤੇ ਸਥਿਤੀ ਬਾਰੇ ਜਾਣਕਾਰੀ ਲਈ। ਸੁਰੱਖਿਆ ਬਲਾਂ ਨੇ ਪਹਿਲਗਾਮ ਵਿੱਚ ਹਮਲੇ ਵਾਲੇ ਇਲਾਕੇ ਨੂੰ ਘੇਰ ਲਿਆ ਹੈ। ਇਲਾਕੇ ਦੀ ਹੈਲੀਕਾਪਟਰ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਖਮੀਆਂ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ।