ਭਾਰਤੀਆਂ ਨੇ ਸਾਡੇ ਤੋਂ ਦੇਸ਼ ਨਿਕਾਲਾ ਦਿੱਤਾ: ਅਮਰੀਕਾ ਵੱਲੋਂ ਭਾਰਤ ਦੇ 104 ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ। ਵਿਰੋਧੀਆਂ ਵੱਲੋਂ ਮੌਜੂਦਾ ਸਰਕਾਰ ਨੂੰ ਇਸ ਮਾਮਲੇ ’ਤੇ ਅਮਰੀਕਾ ਨਾਲ ਗੱਲਬਾਤ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਇਹ ਮਾਮਲਾ ਸੰਸਦ ’ਚ ਵੀ ਗੂੰਜਿਆ ਹੈ। ਇਸ ਦੌਰਾਨ ਅਮਰੀਕਾ ਤੋਂ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤੇ ਜਾਣ ਦੇ ਮੁੱਦੇ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਅਸੀਂ ਕਿਸੇ ਵੀ ਗੈਰ-ਕਾਨੂੰਨੀ ਪ੍ਰਵਾਸ ਦਾ ਸਮਰਥਨ ਨਹੀਂ ਕਰਦੇ। ਅਸੀਂ ਦੇਸ਼ ਨਿਕਾਲੇ ਦੇ ਮੁੱਦੇ ‘ਤੇ ਅਮਰੀਕੀ ਸਰਕਾਰ ਦੇ ਸੰਪਰਕ ਵਿੱਚ ਹਾਂ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਅਮਰੀਕਾ ਵੱਲੋਂ ਭੇਜੇ ਗਏ ਭਾਰਤੀ ਪ੍ਰਵਾਸੀਆਂ ਦੇ ਸਬੰਧ ਵਿੱਚ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਨਿਕਾਲਾ ਦੇਣ ਦੀ ਇਹ ਕਾਰਵਾਈ ਨਵੀਂ ਨਹੀਂ ਹੈ। ਅੱਜ ਤੋਂ ਪਹਿਲਾਂ ਵੀ, ਕਿਸੇ ਹੋਰ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਜਾਂਦਾ ਸੀ। ਮੈਂ ਤੁਹਾਨੂੰ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇੱਕ ਨਾਗਰਿਕ ਦਾ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਕੰਮ ਲਈ ਆਉਣਾ-ਜਾਣਾ ਕਿਸੇ ਖਾਸ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਾਡਾ ਮੰਨਣਾ ਹੈ ਕਿ ਇਹ ਤਾਂ ਹੀ ਸਹੀ ਹੈ ਜੇਕਰ ਇਹ ਕਾਨੂੰਨ ਦੇ ਦਾਇਰੇ ਵਿੱਚ ਹੋਵੇ।
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਦੇ ਵੀ ਕਿਸੇ ਵੀ ਨਾਗਰਿਕ ਦੇ ਦੂਜੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦਾ ਸਮਰਥਨ ਨਹੀਂ ਕਰਦੇ। ਕੋਈ ਵੀ ਨਾਗਰਿਕ ਜੋ ਕਿਸੇ ਹੋਰ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਗਿਆ ਹੈ, ਉਹ ਦੇਸ਼ ਆਪਣੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਫੜ ਲੈਂਦਾ ਹੈ ਅਤੇ ਵਾਪਸ ਭੇਜ ਦਿੰਦਾ ਹੈ। ਇਹ ਪ੍ਰਕਿਰਿਆ ਨਵੀਂ ਨਹੀਂ ਹੈ।
ਸਾਲ | ਡਿਪੋਰਟ ਦੀ ਗਿਣਤੀ |
2009 | 734 |
2010 | 799 |
2011 | 597 |
2012 | 530 |
2013 | 550 |
2014 | 591 |
2015 | 708 |
2016 | 1303 |
2017 | 1024 |
2018 | 1180 |
2019 | 2042 |
2020 | 1889 |
2021 | 805 |
2022 | 862 |
2023 | 617 |
2024 | 1368 |
2025 (5 ਫਰਵਰੀ ਤੱਕ) | 104 |
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਦਨ ਵਿੱਚ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ 2009 ਤੋਂ ਚੱਲ ਰਹੀ ਹੈ। ਜਦੋਂ ਕਿ ਲੋਕਾਂ ਨੂੰ ਜਹਾਜ਼ ਰਾਹੀਂ ਭੇਜਣਾ 2012 ਤੋਂ ਜਾਰੀ ਹੈ। ਇਸ ਪ੍ਰਕਿਰਿਆ ਵਿੱਚ ਕੁਝ ਵੀ ਨਵਾਂ ਨਹੀਂ ਕੀਤਾ ਗਿਆ ਹੈ।