ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉਤੇ ਮੋਹਰ ਲਗਾਈ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਖੇਤਰ ਬਾਰੇ ਅਹਿਮ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਕੂਲ ਮੈਂਟਰਸ਼ਿਪ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਰਾਜ ਦੇ 80 ਸਕੂਲ ਆਫ਼ ਐਮੀਨੈਂਸ ਲਈ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਸੀਨੀਅਰ ਆਈਏਐਸ ਅਤੇ ਆਈਪੀਐਸ ਪੰਜ ਸਾਲਾਂ ਲਈ ਸਕੂਲਾਂ ਨੂੰ ਗੋਦ ਲੈਣਗੇ।
ਸਕੂਲ ਮੈਂਟਰਸ਼ਿਪ ਸਕੀਮ ਨੂੰ ਦਿੱਤੀ ਪ੍ਰਵਾਨਗੀ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਨੇ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ। ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚੋਂ ਵਿਭਾਗ ਨੇ 80 ਸਕੂਲਾਂ ਦੀ ਚੋਣ ਕੀਤੀ ਹੈ। ਜਿਸ ਵਿੱਚ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਵਿੱਚ ਤਾਇਨਾਤ ਭਾਰਤੀ ਪ੍ਰਸ਼ਾਸਨਿਕ ਸੇਵਾ (IAS), ਭਾਰਤੀ ਪੁਲਿਸ ਸੇਵਾ (IPS) ਅਤੇ ਭਾਰਤੀ ਜੰਗਲਾਤ ਸੇਵਾ (IFS) ਦੇ ਅਧਿਕਾਰੀ ਇੱਕ-ਇੱਕ ਸਕੂਲ ਨੂੰ ਪੰਜ ਸਾਲਾਂ ਲਈ ਗੋਦ ਲੈਣਗੇ।
ਉਹ ਇਨ੍ਹਾਂ ਸਕੂਲਾਂ ਦਾ ਦੌਰਾ ਕਰਨਗੇ ਅਤੇ ਬੱਚਿਆਂ ਨੂੰ ਮਿਲਣਗੇ। ਇਸ ਨਾਲ ਸਕੂਲਾਂ ਨਾਲ ਉਨ੍ਹਾਂ ਦਾ ਭਾਵਨਾਤਮਕ ਸਬੰਧ ਸਥਾਪਤ ਹੋਵੇਗਾ ਅਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨਗੇ। ਇਸ ਨਾਲ ਉਨ੍ਹਾਂ ਵਿੱਚ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਹੋਵੇਗੀ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਣ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਏਗੀ ਜਾਵੇਗੀ। ਸਰਕਾਰ ਇਸਦਾ ਸਾਰਾ ਖਰਚਾ ਚੁੱਕੇਗੀ। ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ।