ਪੰਜਾਬ ਦੇ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ’ਚ ਤੇਜ਼ ਮੀਂਹ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਤੇਜ਼ ਮੀਂਹ ਪੈਣ ਕਾਰਨ ਸੜਕਾਂ ’ਤੇ ਪਾਣੀ ਇਕੱਠਾ ਹੋ ਗਿਆ ਹੈ ਜਿਸ ਕਾਰਨ ਆਵਾਜਾਈ ’ਚ ਪਰੇਸ਼ਾਨੀ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ’ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਨਾਲ ਤਾਪਮਾਨ ’ਚ ਵੀ ਗਿਰਾਵਟ ਦਰਦ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੇਗੀ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਪਟਿਆਲਾ ਵਿੱਚ ਮਾਮੂਲੀ ਮੀਂਹ ਦੀ ਸੰਭਾਵਨਾਵਾਂ ਹੈ।
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਕੱਲ੍ਹ 31 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ, ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਮੀਂਹ ਤੋਂ ਬਾਅਦ ਤਾਪਮਾਨ ‘ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਤਾਪਮਾਨ 36.2 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 4.3 ਡਿਗਰੀ ਵੱਧ ਹੈ।