ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ 42 ਹਾਈਵੇਅ ਪ੍ਰਾਜੈਕਟਾਂ ‘ਚੋਂ 15 ‘ਚ ਦੇਰੀ ਦਾ ਅਸਲ ਕਾਰਨ ਪੰਜਾਬ ਸਰਕਾਰ ਦੀ ਲਾਪਰਵਾਹੀ ਅਤੇ ਢਿੱਲਮੱਠ ਹੈ। ਜੇਕਰ ਸਰਕਾਰ ਨੇ ਆਪਣੀ ਕਾਰਜਸ਼ੈਲੀ ਵਿੱਚ ਸੁਧਾਰ ਕੀਤਾ ਹੁੰਦਾ ਤਾਂ ਅੱਜ ਐਨਐਚਏਆਈ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਰੋਕਣ ਦੀ ਲੋੜ ਨਹੀਂ ਸੀ ਪੈਣੀ। ਉਨ੍ਹਾਂ ਕਿਹਾ ਕਿ ਹਰ ਪ੍ਰਾਜੈਕਟ ਪੰਜਾਬ ਦੇ ਵਿਕਾਸ ਨਾਲ ਜੁੜਿਆ ਹੋਇਆ ਹੈ ਪਰ ਮਾਨ ਸਰਕਾਰ ਪੰਜਾਬ ਦਾ ਵਿਕਾਸ ਨਹੀਂ ਸਗੋਂ ਤਬਾਹੀ ਚਾਹੁੰਦੀ ਹੈ ਅਤੇ ਇਸ ਦੀ ਸਾਜ਼ਿਸ਼ ਬੇਨਕਾਬ ਹੋ ਚੁੱਕੀ ਹੈ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ 1500 ਕਿਲੋਮੀਟਰ ‘ਤੇ 52000 ਕਰੋੜ ਰੁਪਏ ਦੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 3303 ਕਰੋੜ ਰੁਪਏ ਦੇ 3 ਪ੍ਰਾਜੈਕਟ ਖਤਮ ਹੋ ਚੁੱਕੇ ਹਨ ਜਦਕਿ 4942 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਖਤਮ ਹੋਣ ਦੀ ਪ੍ਰਕਿਰਿਆ ਵਿੱਚੋਂ ਲੰਘ ਰਹੇ ਹਨ।
ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ‘ਤੇ ਸਹਿਯੋਗ ਨਾ ਦੇਣ ਦੇ ਦੋਸ਼ ਲਾਉਂਦੀ ਹੈ ਜਦਕਿ ਸੱਚਾਈ ਇਹ ਹੈ ਕਿ ਆਮ ਆਦਮੀ ਪਾਰਟੀ ਖੁਦ ਵਿਹਲੀ ਬੈਠੀ ਹੈ। ਉਹ ਜਾਣਬੁੱਝ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਬੰਦ ਕਰਵਾਉਣਾ ਚਾਹੁੰਦਾ ਹੈ ਤਾਂ ਜੋ ਉਹ ਕੇਂਦਰ ਸਰਕਾਰ ‘ਤੇ ਨਵੇਂ ਇਲਜ਼ਾਮ ਲਗਾ ਸਕੇ, ਇਹ ਉਹੀ ਕਹਾਵਤ ਹੈ ‘ਉਲਟਾ ਚੋਰ ਕੋਤਵਾਲ ਨੂੰ ਡਾਂਟੇ’।
ਉਨ੍ਹਾਂ ਕਿਹਾ ਕਿ ਕੰਮ ਵਿੱਚ ਬੇਲੋੜੇ ਅੜਿੱਕੇ ਖੜ੍ਹੇ ਕਰਨਾ ਅਤੇ ਦੂਜਿਆਂ ’ਤੇ ਦੋਸ਼ ਲਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਆਦਤ ਹੈ। ਅਜਿਹੀ ਬੇਮਿਸਾਲ ਕਾਰਵਾਈ ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਈ। ਇਸ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦੇ ਰਾਹ ਵਿੱਚ ਕਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਸਨ ਜਿਸ ਦਾ ਨਤੀਜਾ ਇਹ ਹੋਇਆ ਕਿ ਅੱਜ ਇਹ ਪ੍ਰਾਜੈਕਟ ਪੰਜਾਬ ਵਿੱਚੋਂ ਵਾਪਸ ਲੈਣ ਦੀ ਨੌਬਤ ਆ ਗਈ ਹੈ। ਵਰਨਣਯੋਗ ਹੈ ਕਿ ਐਨਐਚਏਆਈ ਜਲਦੀ ਹੀ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਇਨ੍ਹਾਂ ਪ੍ਰਾਜੈਕਟਾਂ ਦੀ ਸਥਿਤੀ ਬਾਰੇ ਜਾਣੂ ਕਰਵਾਏਗਾ।