ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਿੱਲੀ ਦੀ ਬੁਲਾਰਾ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਵਿਰੋਧ ਵਿਰੋਧੀ ਧਿਰ ਵਲੋਂ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਰਜਨੀਸ਼ ਧੀਮਾਨ ਨੇ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦੀ ਕਠਪੁੱਤਲੀ ਬਣ ਕੇ ਕੰਮ ਕਰ ਰਹੇ ਹਨ। ਦਿੱਲੀ ਵਿੱਚ ਹਾਰ ਤੋਂ ਬਾਅਦ ਪੰਜਾਬ ਵੱਲ ਹੋ ਗਿਆ ਹੈ। ਧੀਮਾਨ ਨੇ ਸਵਾਲ ਚੁੱਕਿਆ ਕਿ ਕੀ ਪੰਜਾਬ ਦੀ 4 ਕਰੋੜ ਜਨਤਾ ਵਿੱਚ ਕੋਈ ਯੋਗ ਵਿਅਕਤੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਹਰ ਦੇ ਲੋਕਾਂ ਨੂੰ ਪੰਜਾਬ ਵਿੱਚ ਵੱਡੇ ਅਹੁਦਿਆਂ ‘ਤੇ ਨਿਯੁਕਤ ਕਰ ਰਹੀ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਸੁਖਪਾਲ ਖਹਿਰਾ ਵੀ ਆਪ ਸਰਕਾਰ ‘ਤੇ ਵਰ੍ਹੇ
ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਆਪਣੇ ਆਪ ਨੂੰ ਕੇਜਰੀਵਾਲ ਦੇ ਸਾਹਮਣੇ ਸਮਰਪਿਤ ਕਰ ਦਿੱਤਾ ਹੈ। ਖਹਿਰਾ ਨੇ ਯੂਪੀ ਤੋਂ ਆਏ ਦੀਪਕ ਚੌਹਾਨ ਦੀ ਨਿਯੁਕਤੀ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਬਾਰੇ ਪਤਾ ਨਹੀਂ ਹੈ।
ਲੋਕਾਂ ਦੇ ਨਾਲ ਧੋਖਾ ਕਰਨ ਦਾ ਦੋਸ਼
ਖਹਿਰਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਗਏ ਸਾਰੇ ਵਾਅਦੇ ਹੁਣ ਭੁੱਲ ਗਏ ਹਨ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਇਹ ਨਿਯੁਕਤੀਆਂ ਪੰਜਾਬ ਦੇ ਲੋਕਾਂ ਨਾਲ ਧੋਖਾ ਹਨ।