ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਸਥਿਤ ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰਾ ਮਜ਼ਬੂਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਉਪਦੇਸ਼ ਅਜੋਕੇ ਸਮੇਂ ਵਿੱਚ ਸਹੀ ਮਾਰਗ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਨੇ ਵੀ ਸਿੱਖਿਆ ਦੇ ਅਧਿਕਾਰ ‘ਤੇ ਜ਼ੋਰ ਦਿੱਤਾ ਸੀ, ਇਸ ਲਈ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰੇ ਦੀ ਰੌਸ਼ਨੀ ਫੈਲਾਉਣ ਦੇ ਉਪਰਾਲੇ ਕੀਤੇ ਜਾਣ |
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਇਸ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਅਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਨ੍ਹਾਂ ਵੱਲੋਂ ਦਿੱਤਾ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।