ਆਮ ਆਦਮੀ ਪਾਰਟੀ ਪੰਜਾਬ ਨੇ 2020 ਦੇ ਖੇਤੀਬਾੜੀ ਕਾਨੂੰਨਾਂ ਨੂੰ ਬਹਾਲ ਕਰਨ ਬਾਰੇ ਭਾਜਪਾ ਸੰਸਦ ਕੰਗਨਾ ਰਣੌਤ ਦੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਭਾਜਪਾ ‘ਤੇ ਦੋਸ਼ ਲਗਾਇਆ ਹੈ ਕਿ ਉਹ ਜਾਣਬੁੱਝ ਕੇ ਆਪਣੇ ਸੰਸਦ ਮੈਂਬਰਾਂ ਨੂੰ ਸਮਾਜਿਕ ਤਣਾਅ ਪੈਦਾ ਕਰਨ ਅਤੇ ਸਮਾਜ ਵਿੱਚ ਨਫ਼ਰਤ ਫੈਲਾਉਣ ਦੇ ਉਦੇਸ਼ ਨਾਲ ਭੜਕਾਊ ਬਿਆਨ ਦੇਣ ਲਈ ਵਰਤ ਰਹੀ ਹੈ।
ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਬਹਾਲ ਕਰਨ ਦੀ ਚਰਚਾ ਕਰਨਾ ਦੇਸ਼ ਦੇ ਲੱਖਾਂ ਕਿਸਾਨਾਂ ਅਤੇ 750 ਸ਼ਹੀਦ ਕਿਸਾਨਾਂ ਦਾ ਅਪਮਾਨ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਵਾਬ ਦੇਣ ਲਈ ਕਿਹਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਸੱਚਮੁੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਤਾਂ ਕੰਗਨਾ ਰਣੌਤ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।
ਕੰਗ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਤੋਂ ਮੁਆਫੀ ਮੰਗਣ ਤੋਂ ਬਾਅਦ ਸਰਕਾਰ ਤੋਂ ਗਲਤੀ ਮੰਨਦੇ ਹੋਏ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਉਨ੍ਹਾਂ ਸਵਾਲ ਕੀਤਾ, “ਤੁਹਾਡੇ ਸੰਸਦ ਮੈਂਬਰ ਹੁਣ ਵਿਰੋਧੀ ਬਿਆਨ ਕਿਉਂ ਦੇ ਰਹੇ ਹਨ? ਕੀ ਤੁਹਾਡੇ ਸੰਸਦ ਮੈਂਬਰ ਅਤੇ ਪਾਰਟੀ ਦੇ ਨੇਤਾ ਹੁਣ ਤੁਹਾਡੀ ਗੱਲ ਨਹੀਂ ਸੁਣਦੇ ਜਾਂ ਤੁਸੀਂ ਇਸ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਮਝਦੇ?”