‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ ਪਹਿਲੀ ਵਾਰ ਪੰਜਾਬ ਆਏ ਸਨ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ, “ਮਨੀਸ਼ ਸਿਸੋਦੀਆ ਜੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਆਏ ਹਨ। ਸੱਚਾਈ ਦੀ ਜਿੱਤ ਹੋਈ ਹੈ।” ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਘਟਨਾ ਨਹੀਂ ਸੀ; ਸਿਸੋਦੀਆ ਦਾ ਇਹ ਦੌਰਾ ਸਿਰਫ਼ ਰੱਬ ਦਾ ਆਸ਼ੀਰਵਾਦ ਲੈਣ ਲਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂ ਤੋਂ ਹੀ ਇਹ ਸਪੱਸ਼ਟ ਸੀ ਕਿ ‘ਆਪ’ ਆਗੂਆਂ ਖ਼ਿਲਾਫ਼ ਚੱਲ ਰਹੇ ਝੂਠੇ ਕੇਸ ਜ਼ਿਆਦਾ ਦੇਰ ਅਦਾਲਤ ਵਿੱਚ ਨਹੀਂ ਚੱਲਣਗੇ। ਅਸੀਂ ਅਰਵਿੰਦ ਕੇਜਰੀਵਾਲ ਦੇ ਮਾਮਲੇ ਵਿੱਚ ਵੀ ਇਹੀ ਨਤੀਜੇ ਦੀ ਉਮੀਦ ਕਰਦੇ ਹਾਂ। ਉਨ੍ਹਾਂ ਕੋਲ ਵੀ ਸੰਜੇ ਸਿੰਘ ਖਿਲਾਫ ਕੋਈ ਸਬੂਤ ਨਹੀਂ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਸਾਡੇ ਨੇਤਾਵਾਂ ਨੂੰ ਆਰਜ਼ੀ ਤੌਰ ‘ਤੇ ਕੈਦ ਕਰਕੇ ਪਾਰਟੀ ਨੂੰ ਕਮਜ਼ੋਰ ਕਰਨ ਦਾ ਇਰਾਦਾ ਸੀ, ਪਰ ਆਮ ਆਦਮੀ ਪਾਰਟੀ ਲਚਕੀਲੀ ਅਤੇ ਅਟੁੱਟ ਹੈ।