ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਆਜ਼ਾਦਾਨਾ ਅਤੇ ਨਿਰਪੱਖਤਾ ਨਾਲ ਕਰਨ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਉਨ•ਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਸ ਜ਼ਮੀਨੀ ਪੱਧਰ ‘ਤੇ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ। ਉਨ੍ਹਾਂ ਲੋਕਾਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਦੇ ਹੋਏ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।