ਲੁਧਿਆਣਾ ਜ਼ਿਮਨੀ ਚੋਣ ਲਈ ਅੱਜ ਥਮਿਆ ਚੋਣ ਪ੍ਰਚਾਰ , 19 ਜੂਨ ਨੂੰ ਹੋਵੇਗੀ ਵੋਟਿੰਗ , ਸ਼ਰਾਬ ਦੀਆਂ ਦੁਕਾਨਾਂ ਬੰਦ

0
662
ਲੁਧਿਆਣਾ ਜ਼ਿਮਨੀ ਚੋਣ ਲਈ ਅੱਜ ਥਮਿਆ ਚੋਣ ਪ੍ਰਚਾਰ , 19 ਜੂਨ ਨੂੰ ਹੋਵੇਗੀ ਵੋਟਿੰਗ , ਸ਼ਰਾਬ ਦੀਆਂ ਦੁਕਾਨਾਂ ਬੰਦ

ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 5 ਵਜੇ ਖਤਮ ਹੋ ਗਿਆ ਹੈ ਤੇ ਇਸ ਤੋਂ ਬਾਅਦ ਹੁਣ ਡੋਰ ਟੂ ਡੋਰ ਪ੍ਰਚਾਰ ਹੀ ਕੀਤਾ ਜਾ ਸਕੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ ਹੈ। ਇਹ ਚੋਣ ਕਿਸੇ ਵੀ ਤਰ੍ਹਾਂ ਸੱਤਾ ਵਿੱਚ ਕੋਈ ਬਦਲਾਅ ਨਹੀਂ ਲਿਆ ਸਕਦੀ ਪਰ ਇਸਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸਾਰੀਆਂ ਪਾਰਟੀਆਂ ਦੇ ਆਗੂ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ।

ਕਦੋਂ ਪੈਣਗੀਆਂ ਵੋਟਾਂ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ ‘ਚ 174,437 ਵੋਟਰ 19 ਜੂਨ ਨੂੰ ਆਪਣੀ ਵੋਟ ਪਾਉਣਗੇ। ਕੁੱਲ 194 ਪੋਲਿੰਗ ਬੂਥ 66 ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ।

ਵਿਧਾਇਕ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ ਸੀਟ

ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇੱਥੇ ਪਰੋਪਕਾਰ ਸਿੰਘ ਘੁੰਮਣ ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ,ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

19 ਤਰੀਕ ਨੂੰ ਛੁੱਟੀ ਦਾ ਐਲਾਨ

ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਵੀਰਵਾਰ (19 ਜੂਨ) ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟ ਪਾਉਣ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਗਠਨ ਵਿੱਚ ਕੰਮ ਕਰਨ ਵਾਲੇ ਹਰ ਵਿਅਕਤੀ ਨੂੰ ਛੁੱਟੀ ਦਿੱਤੀ ਜਾਵੇਗੀ। ਛੁੱਟੀ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਅਜਿਹੇ ਮਾਲਕ ਨੂੰ ਜੁਰਮਾਨਾ ਦਾ ਸਾਹਮਣਾ ਕਰਨਾ ਪਵੇਗਾ।

ਨਿਗਰਾਨੀ ਲਈ 235 ਕੈਮਰੇ ਵਰਤੇ ਜਾਣਗੇ

ਲੁਧਿਆਣਾ ਪੱਛਮੀ ਉਪ-ਚੋਣ ਦੇ 194 ਪੋਲਿੰਗ ਸਟੇਸ਼ਨਾਂ ‘ਤੇ ਪਾਰਦਰਸ਼ੀ ਅਤੇ ਸੁਚਾਰੂ ਪ੍ਰਕਿਰਿਆ ਅਪਣਾਈ ਜਾਵੇਗੀ। ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਤਿਆਰੀਆਂ ਸਬੰਧੀ ਪਹਿਲਾਂ ਹੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੋਲਿੰਗ ਬੂਥਾਂ ‘ਤੇ 235 ਹਾਈ ਰੈਜ਼ੋਲਿਊਸ਼ਨ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ 194 ਕੈਮਰੇ ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ 41 ਕੈਮਰੇ ਬਾਹਰ ਹਨ। ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਹਾਈ ਸਪੀਡ ਇੰਟਰਨੈੱਟ ਕਨੈਕਟੀਵਿਟੀ ਨਾਲ ਲੈਸ ਇਨ੍ਹਾਂ ਕੈਮਰਿਆਂ ਨਾਲ 19 ਜੂਨ ਨੂੰ ਵੋਟਿੰਗ ਪ੍ਰਕਿਰਿਆ ਦੀ ਲਾਈਵ ਸਟ੍ਰੀਮਿੰਗ ਸੰਭਵ ਹੋਵੇਗੀ।

 

LEAVE A REPLY

Please enter your comment!
Please enter your name here