ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”
ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ।
ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ।
ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।
ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।