ਲੁਧਿਆਣਾ ਵਿੱਚ ਅੱਜ ਵਿਜੀਲੈਂਸ ਟੀਮ ਨੇ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਬ-ਡਿਵੀਜ਼ਨ ਰੂਮੀ ਦੇ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀਐਸਪੀਸੀਐਲ ਕਰਮਚਾਰੀ ਵਿਰੁੱਧ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਜੇਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਜੇਈ ਨੇ ਡੇਅਰੀ ਫਾਰਮ ਨੂੰ ਬਿਜਲੀ ਦਾ ਕੁਨੈਕਸ਼ਨ ਦੇਣ ਲਈ 30,000 ਰੁਪਏ ਦੀ ਰਿਸ਼ਵਤ ਮੰਗੀ ਹੈ।
ਦੋਸ਼ੀ ਨੂੰ 30 ਹਜ਼ਾਰ ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ। ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧ ਵਿੱਚ, ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਪੁਲਿਸ ਸਟੇਸ਼ਨ ਪੰਜਾਬ, ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।