ਲੁਧਿਆਣਾ ਵਿੱਚ ਅੱਜ ਵਿਜੀਲੈਂਸ ਬਿਊਰੋ ਨੇ ਰਾਏਕੋਟ ਦੇ ਐਸਡੀਐਮ ਦਫ਼ਤਰ ਵਿੱਚ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਟੀਮ ਨੇ ਦਫ਼ਤਰ ਵਿੱਚ ਇੱਕ ਅਲਮਾਰੀ ਵਿੱਚੋਂ 24 ਲੱਖ ਤੋਂ ਵੱਧ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਵੇਲੇ ਟੀਮ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਰਾਏਕੋਟ ਦੇ ਪਿੰਡ ਸੁਖਾਨਾ ਦੇ ਵਸਨੀਕ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸਡੀਐਮ ਰਾਏਕੋਟ ਅਤੇ ਉਨ੍ਹਾਂ ਦੇ ਸਟੈਨੋ ਜਤਿੰਦਰ ਸਿੰਘ, ਜੋ ਕਿ ਤਹਿਸੀਲ ਜਗਰਾਉਂ ਦੇ ਪਿੰਡ ਨੂਰਪੁਰਾ ਦੇ ਰਹਿਣ ਵਾਲੇ ਹਨ, ਆਮ ਲੋਕਾਂ ਲਈ ਸਰਕਾਰੀ ਕੰਮ ਕਰਨ ਦੇ ਬਦਲੇ ਲੋਕਾਂ ਤੋਂ ਵੱਡੀ ਰਕਮ ਵਸੂਲ ਰਹੇ ਹਨ।
ਅਲਮਾਰੀ ਵਿੱਚੋਂ ਰਿਸ਼ਵਤ ਦੀ ਰਕਮ ਮਿਲੀ
ਉਨ੍ਹਾਂ ਕਿਹਾ ਕਿ ਇਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ਵਿੱਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਮੁਲਜ਼ਮ ਨਕਦੀ ਦਾ ਵੇਰਵਾ ਦੇਣ ਵਿੱਚ ਅਸਫਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।