ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਕਿਲਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਗੁਰਦਾਸਪੁਰ ਦੇ ਪਿੰਡ ਕਿਲਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ ਅਤੇ ਦੋਸ਼ੀ ਪਟਵਾਰੀ ਨੇ ਉਸਦੇ ਹੱਕ ਵਿੱਚ ਰਿਪੋਰਟ ਦੇਣ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਜ਼ਮੀਨ ‘ਤੇ ਤਿੰਨ ਬੋਰਵੈੱਲ ਸ਼ਾਮਲ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।