ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ ਮੋਂਗਾ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਵਾਲਫ ਬੋਰਡ ਦੇ ਅਧਿਕਾਰੀ ਨੇ ਬਠਿੰਡਾ ਵਿਖੇ ਜ਼ਮੀਨ ਲੀਜ਼ ‘ਤੇ ਦੇਣ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ 20,000 ਰੁਪਏ ਐਡਵਾਂਸ ਪੈਸੇ ਤੋਂ ਇਲਾਵਾ ਦੋ ਖਾਲੀ ਚੈੱਕ ਲੈਣ ਲਈ ਰਾਜ਼ੀ ਹੋ ਗਏ ਹਨ।
ਸ਼ਿਕਾਇਤਕਰਤਾ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਟੀਮ ਨੇ ਉਸ ਕੋਲੋਂ ਦੋ ਖਾਲੀ ਚੈੱਕ ਵੀ ਬਰਾਮਦ ਕੀਤੇ ਹਨ ਜੋ ਸ਼ਿਕਾਇਤਕਰਤਾ ਤੋਂ ਲਏ ਗਏ ਸਨ।
ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।