ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਪ੍ਰੀਤ ਪੈਲੇਸ ਦੇ ਬਾਹਰ ਅਤੇ ਗਿੱਲ ਰੋਡ ‘ਤੇ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ ਕੀਤਾ।
ਵਿਧਾਇਕ ਸਿੱਧੂ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਰ ਹਲਕੇ ਵਿੱਚ ਨਿਰਵਿਘਨ ਵਿਕਾਸ ਕਾਰਜ਼ ਜਾਰੀ ਹਨ।
ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਹਲਕਾ ਆਤਮ ਨਗਰ ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰ ਜਾਂਦਾ ਹੈ ਜਿਸ ਕਰਕੇ ਵਸਨੀਕਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰੀਬ 16 ਲੱਖ ਰੁਪਏ ਦੀ ਲਾਗਤ ਵਾਲੇ ਵਾਟਰ ਹਾਰਵੈਸਟਿੰਗ ਸਿਸਟਮਾਂ ਰਾਹੀਂ ਵਸਨੀਕਾਂ ਨੂੰ ਪਾਣੀ ਦੇ ਭਰਾਅ ਤੋਂ ਨਿਜਾਤ ਮਿਲੇਗੀ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਨਾਲ ਚੌਣਾਂ ਦੌਰਾਨ ਕੀਤੇ ਹਰ ਇੱਕ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।