ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਨੌ, ਸ਼ੇਰ ਸਿੰਘ ਵਾਲਾ, ਪੰਛੀ ਕਲਾਂ, ਸੰਧਵਾਂ ਅਤੇ ਚੰਦਬਾਜਾ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ 90 ਵਿਦਿਆਰਥੀਆਂ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੇਖੀ ਅਤੇ ਵਿਧਾਨ ਸਭਾ ਦੇ ਕੰਮਾਂ ਬਾਰੇ ਖੁਦ ਜਾਣਕਾਰੀ ਹਾਸਲ ਕੀਤੀ।
ਇਜਲਾਸ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਕਰਕੇ ਕਾਮਯਾਬ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਸੰਧਵਾਂ ਨੇ ਕਿਹਾ ਕਿ ਸਦਨ ਦੀ ਕਾਰਵਾਈ ਦੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜਸ਼ੈਲੀ ਬਾਰੇ ਜਾਣਕਾਰੀ ਹਾਸਲ ਹੋਈ, ਉੱਥੇ ਹੀ ਸਿਆਸੀ ਆਗੂਆਂ ਦੀ ਕਾਰਗੁਜ਼ਾਰੀ ਨੂੰ ਵੀ ਸਹੀ ਅਰਥਾਂ ਵਿੱਚ ਦੇਖਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਇੱਛਾ ਨੂੰ ਤਿਆਗ ਕੇ ਇੱਥੇ ਰਹਿ ਕੇ ਚੰਗਾ ਰੁਜ਼ਗਾਰ ਪ੍ਰਾਪਤ ਕਰਨ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ।
ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।