ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਬੰਗਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਮੁਸ਼ਕਲ ਵਿੱਚ ਹਨ। ਪੰਜਾਬ ਤੇ ਹਰਿਆਣਾ ਦੇ ਐਡਵੋਕੇਟ HC ਅਰੋੜਾ ਨੇ ਉਨ੍ਹਾਂ ਨੂੰ ਪਬਲਿਕ ਡਿਮਾਂਡ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਹੁਣ ਤੁਹਾਨੂੰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਲੋਕਾਂ ਨੇ ਤੁਹਾਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੁਣਿਆ ਸੀ, ਪਰ ਹੁਣ ਤੁਸੀਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹੋ।
ਉਨ੍ਹਾਂ ਨੇ ਕਿਹਾ ਹੈ ਕਿ ਦਲ-ਬਦਲ ਵਿਰੋਧੀ ਕਾਨੂੰਨ ਤੁਹਾਡੇ ‘ਤੇ ਵੀ ਲਾਗੂ ਹੁੰਦਾ ਹੈ। ਅਜਿਹੇ ‘ਚ ਅਸਤੀਫਾ ਦੇਣਾ ਜ਼ਰੂਰੀ ਹੈ। ਤੁਸੀਂ ਇੱਕ ਮਹੱਤਵਪੂਰਨ ਅਹੁਦਾ ਰੱਖਦੇ ਹੋ। ਸਾਰੀਆਂ ਗੱਲਾਂ ਨੂੰ ਵੀ ਚੰਗੀ ਤਰ੍ਹਾਂ ਸਮਝੋ। ਅਜਿਹੇ ‘ਚ ਪਹਿਲ ਦੇ ਆਧਾਰ ‘ਤੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿਓ, ਨਹੀਂ ਤਾਂ ਉਹ ਇਸ ਮਾਮਲੇ ਦੀ ਸ਼ਿਕਾਇਤ ਵਿਧਾਨ ਸਭਾ ਸਪੀਕਰ ਨੂੰ ਕਰਨਗੇ।
ਜ਼ਿਕਰ ਕਰ ਦਈਏ ਕਿ ਡਾ.ਸੁਖਵਿੰਦਰ ਸਿੰਘ ਸੁੱਖੀ 14 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਡਾ: ਸੁੱਖੀ ਨੇ ਕਿਹਾ ਸੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਲਈ ‘ਆਪ’ ‘ਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਉਹ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ ਪਰ ਉਹ ਆਪਣੇ ਇਲਾਕੇ ਦਾ ਵਿਕਾਸ ਨਹੀਂ ਕਰਵਾ ਸਕੇ। ਅਜਿਹੇ ‘ਚ ਉਸ ਨੇ ਇਹ ਰਾਹ ਚੁਣਿਆ ਹੈ। ਉਂਜ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਨੂੰ ਹਮੇਸ਼ਾ ਹੀ ਬਣਦਾ ਮਾਣ-ਸਨਮਾਨ ਮਿਲਿਆ ਹੈ।