ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ

0
60
ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ
Spread the love

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਤਾਇਨਾਤੀ ਨਾਲ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਇਸ ਤਰ੍ਹਾਂ ਬਣਾਈ ਹੈ ਜਿਵੇਂ ਪੰਜਾਬ ਇਸ ਦੇਸ਼ ਦਾ ਹਿੱਸਾ ਹੀ ਨਾ ਹੋਵੇ। ਅਜਿਹਾ ਕਰ ਕੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬੀ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ, “ਭਾਜਪਾ ਦੀ ਦਮਨਕਾਰੀ ਸਰਕਾਰ ਵੱਲੋਂ ਇੱਕ ਵਾਰ ਫਿਰ ਪੰਜਾਬੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਨਾਲ ਕਈ ਕਿਸਾਨ ਜ਼ਖਮੀ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਤੌਰ ‘ਤੇ ਦੁਸ਼ਟਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜੇ ਕਿਸਾਨ ਆਪਣੇ ਹੀ ਦੇਸ਼ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ, ਤਾਂ ਸਾਡੇ ਵਰਗੇ ਜਮਹੂਰੀ ਢਾਂਚੇ ਵਿੱਚ ਉਨ੍ਹਾਂ ਦੇ ਕੀ ਅਧਿਕਾਰ ਹਨ? ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲੋਕਾਂ ਲਈ ਆਪਣਾ ਗ਼ੁੱਸਾ ਕੱਢਣ ਅਤੇ ਆਪਣੀ ਆਵਾਜ਼ ਸੁਣਾਉਣ ਲਈ ਸੁਰੱਖਿਆ ਜ਼ਰੀਆ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣਾ ਅਕਸਰ ਵਿਨਾਸ਼ਕਾਰੀ ਸਾਬਿਤ ਹੁੰਦਾ ਹੈ।”

ਜ਼ਿਕਰਯੋਗ ਹੈ ਕਿ ਅੱਜ ਫਿਰ ਮਰਜੀਵੜਾ ਜਥੇ ਨਾਂ ਦੇ 101 ਕਿਸਾਨਾਂ ਦੇ ਸਮੂਹ ਨੇ ਐਤਵਾਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਸੀ। ਇਸ ਸਾਲ ਫ਼ਰਵਰੀ ਵਿੱਚ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਦੀ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਉਹ ਸ਼ੰਭੂ ਸਰਹੱਦ ‘ਤੇ ਡੇਰਾ ਲਾ ਕੇ ਬੈਠੇ ਸਨ। ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰੇ। ਭਾਜਪਾ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਚਰਚਾ ਲਈ ਸੱਦਾ ਭੇਜਣ ਦੀ ਬਜਾਏ ਭਾਜਪਾ ਸਰਕਾਰ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

– PTC NEWS

LEAVE A REPLY

Please enter your comment!
Please enter your name here