ਪੰਜਾਬ ਸਰਕਾਰ 127 ਸਾਲ ਪੁਰਾਣੀ ਸਾਰਾਗੜ੍ਹੀ ਜੰਗ ਦੇ 21 ਸਿੱਖ ਯੋਧਿਆਂ ਦੀ ਸ਼ਹਾਦਤ ਨੂੰ ਲੋਕਾਂ ਦੇ ਦਿਲਾਂ ਵਿੱਚ ਤਾਜ਼ਾ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਗੱਲ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਫਿਰੋਜ਼ਪੁਰ ਛਾਉਣੀ ਦੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਉਦਘਾਟਨ ਕਰਨ ਉਪਰੰਤ ਕਹੀ।
ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਾਸੀਆਂ ਨੂੰ ਅਜਿਹੇ ਇਤਿਹਾਸਕ ਕਾਰਜਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਤਹਿਤ ਅਜਿਹੇ ਸਮਾਗਮਾਂ ਦੌਰਾਨ ਸੂਬੇ ਦੀਆਂ ਇਤਿਹਾਸਕ ਅਤੇ ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਬਪੱਖੀ ਵਿਕਾਸ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਭਾਰਤ ਦੀ ਸਾਰਾਗੜ੍ਹੀ ਦੀ ਲੜਾਈ ਨੂੰ ਸਮਰਪਿਤ ਪਹਿਲੀ ਯਾਦਗਾਰ ਫਿਰੋਜ਼ਪੁਰ ਵਿਖੇ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਯੂਨੈਸਕੋ ਅਨੁਸਾਰ ਸਾਰਾਗੜ੍ਹੀ ਜੰਗ ਦੁਨੀਆਂ ਦੀਆਂ ਅੱਠ ਮਹੱਤਵਪੂਰਨ ਜੰਗਾਂ ਵਿੱਚੋਂ ਇੱਕ ਹੈ। ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਸੈਨਿਕਾਂ ਨੂੰ “ਇੰਡੀਅਨ ਆਰਡਰ ਆਫ਼ ਮੈਰਿਟ” ਭਾਵ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ।