ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਈ । ਇਸ ਮੌਕੇ ਸਿਆਸੀ ਆਗੂ ਸੁਖਬੀਰ ਸਿੰਘ ਬਾਦਲ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ ਅਤੇ ਹੋਰ ਸ਼ਖ਼ਸ਼ੀਅਤਾਂ ਵੀ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਪੁੱਜੀਆਂ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਇੱਕ ਮਜਬੂਤ ਪੰਥਕ ਪਾਰਟੀ ਨਾ ਕੇਵਲ ਪੰਥ, ਕੌਮ ਅਤੇ ਪੰਜਾਬ ਦੀ ਜਰੂਰਤ ਹੈ ਬਲਕਿ ਇਹ ਦੇਸ਼ ਦੀ ਵੀ ਜਰੂਰਤ ਹੈ। ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਇਕਜੁੱਟ ਹੋ ਕੇ ਪੰਥ ਅਤੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ। ਇਹੀ ਸੁਖਦੇਵ ਸਿੰਘ ਢੀਡਸਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇੱਥੇ ਇਹ ਯਾਦ ਰੱਖਣਾ ਹੋਵੇਗਾ ਕਿ ਕਿਤੇ ਆਪਸੀ ਮੱਤਭੇਦਾਂ ਦੇ ਚਲਦੇ ਪੰਜਾਬ ਦੀ ਮਹਾਨ ਵਿਰਾਸਤ ਦਾ ਇੰਤਕਾਲ ਕੋਈ ਹੋਰ ਹੀ ਆਪਣੇ ਨਾਮ ਨਾ ਕਰਵਾ ਜਾਵੇ ਜਿਸ ਦਾ ਖਮਿਆਜਾ ਪੰਥ, ਕੌਮ ਅਤੇ ਪੰਜਾਬ ਨੂੰ ਭੁਗਤਣਾ ਪਵੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਢੀਂਡਸਾ ਸਾਹਿਬ ਅਕਸਰ ਉਨ੍ਹਾਂ ਨੂੰ ਮਿਲਦੇ ਰਹਿੰਦੇ ਸਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਨੂੰ ਸੁਖਦੇਵ ਸਿੰਘ ਢੀਂਡਸਾ ‘ਤੇ ਮਾਣ ਸੀ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਅਮਨ ਅਰੋੜਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਜ਼ਿੰਦਗੀ ਅਕਾਲੀ ਦਲ ਨੂੰ ਸਮਰਪਿਤ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।